ਡਿਜੀਟਲ ਦੌਰ 'ਚ ਸੁਰੱਖਿਅਤ ਇੰਟਰਨੈੱਟ ਦੀ ਵਰਤੋਂ ’ਤੇ ਜ਼ੋਰ, ਗੰਗਾ ਇੰਟਰਨੈਸ਼ਨਲ ਸਕੂਲ 'ਚ ਸਾਈਬਰ ਖ਼ਤਰਿਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 'ਸਾਈਬਰ ਲਰਨਿੰਗ ਅਤੇ ਅਵੇਅਰਨੈੱਸ' ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਆਨਲਾਈਨ ਧੋਖਾਧੜੀ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਸੀ।
Publish Date: Sat, 28 Nov 2026 03:54 PM (IST)
Updated Date: Sat, 28 Nov 2026 03:54 PM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ,ਖਨੌਰੀ - ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 'ਸਾਈਬਰ ਲਰਨਿੰਗ ਅਤੇ ਅਵੇਅਰਨੈੱਸ' ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਆਨਲਾਈਨ ਧੋਖਾਧੜੀ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਸੀ।
ਸਕੂਲ ਦੇ ਕੰਪਿਊਟਰ ਅਧਿਆਪਕਾਂ ਮੈਡਮ ਸਰਵਜੀਤ ਕੌਰ ਅਤੇ ਸਰ ਰੋਹਿਤ ਸਿੰਗਲਾ ਨੇ ਵਿਦਿਆਰਥੀਆਂ ਨੂੰ ਫਰਜ਼ੀ ਫੋਨ ਕਾਲਾਂ, ਸਪੈਮ ਕਾਲਾਂ, ਫਿਸ਼ਿੰਗ, ਮਾਲਵੇਅਰ ਅਤੇ ਹੈਕਿੰਗ ਵਰਗੇ ਸਾਈਬਰ ਖ਼ਤਰਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਅਣਜਾਣ ਲਿੰਕਾਂ ’ਤੇ ਕਲਿੱਕ ਨਾ ਕਰਨ, ਮੋਬਾਈਲ ਫੋਨ ਨੂੰ ਪਾਸਵਰਡ ਨਾਲ ਸੁਰੱਖਿਅਤ ਰੱਖਣ ਅਤੇ ਆਪਣਾ ਓਟੀਪੀ ਜਾਂ ਨਿੱਜੀ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਮਹੱਤਵਪੂਰਨ ਐਮਰਜੈਂਸੀ ਅਤੇ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀ ਇਸ਼ਾਂਤ ਪਾਹਵਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਉਪਕਰਨਾਂ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਅਤੇ ਆਨਲਾਈਨ ਗੇਮਾਂ ਦੀ ਅਤਿ ਤੋਂ ਬਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੈਰ-ਜ਼ਿੰਮੇਵਾਰਾਨਾ ਗੇਮਿੰਗ ਬੱਚਿਆਂ ਵਿੱਚ ਮਾਨਸਿਕ ਤਣਾਅ ਪੈਦਾ ਕਰ ਸਕਦੀ ਹੈ। ਡਾਇਰੈਕਟਰ-ਪ੍ਰਿੰਸੀਪਲ ਮੈਡਮ ਰੀਨਾ ਚੀਮਾ ਨੇ ਕਿਹਾ ਕਿ ਸਾਈਬਰ ਸੁਰੱਖਿਆ ਲਈ ਬੱਚਿਆਂ ਦੇ ਨਾਲ-ਨਾਲ ਮਾਪਿਆਂ ਦਾ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੈਮੀਨਾਰ ਵਿੱਚ ਪ੍ਰਾਪਤ ਜਾਣਕਾਰੀ ਆਪਣੇ ਮਾਪਿਆਂ ਨਾਲ ਸਾਂਝੀ ਕਰਨ ਲਈ ਕਿਹਾ। ਇਸ ਮੌਕੇ ਸਮੂਹ ਅਧਿਆਪਕਾਂ ਨੇ ਵੀ ਸਹਿਯੋਗ ਦਿੱਤਾ। ਅੰਤ ਵਿੱਚ ਵਿਦਿਆਰਥੀਆਂ ਨੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਕਰਨ ਅਤੇ ਨਿੱਜੀ ਜਾਣਕਾਰੀ ਗੁਪਤ ਰੱਖਣ ਦੀ ਸਹੁੰ ਚੁੱਕੀ।