ਬਰਨਾਲਾ ’ਚ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲ" 24 ਤੋਂ 26 ਤਕ : ਡੀਸੀ
ਬਰਨਾਲਾ ’ਚ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲ" 24 ਤੋਂ 26 ਫਰਵਰੀ ਨੂੰ : ਡਿਪਟੀ ਕਮਿਸ਼ਨਰ
Publish Date: Thu, 12 Feb 2026 03:31 PM (IST)
Updated Date: Fri, 13 Feb 2026 04:00 AM (IST)

ਏਡੀਸੀ ਵੱਲੋਂ ਮੇਲੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ’ਚ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 24, 25 ਤੇ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ’ਚ ਕਰਵਾਇਆ ਜਾ ਰਿਹਾ ਹੈ। ਡੀਸੀ ਬਰਨਾਲਾ ਹਰਪ੍ਰੀਤ ਸਿੰਘ ਆਈ ਏਐੱਸ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਮੇਲੇ ’ਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ, ਵਿਭਾਗਾਂ ਦੀਆਂ ਸਟਾਲਾਂ, ਬੱਚਿਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ, ਉੱਘੇ ਗਾਇਕਾਂ ਦੀਆਂ ਪੇਸ਼ਕਾਰੀਆਂ ਸਮੇਤ ਵੱਡੀ ਗਿਣਤੀ ਗਤੀਵਿਧੀਆਂ ਮੇਲੇ ਦੀ ਸ਼ਾਨ ਬਣਨਗੀਆਂ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੇਲੇ ਨੂੰ ਸੁਚਾਰੂ ਤਰੀਕੇ ਨਾਲ ਕਰਵਾਉਣ, ਸੁਰੱਖਿਆ ਪ੍ਰਬੰਧਾਂ ਤੇ ਵਿਭਾਗੀ ਤਾਲਮੇਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੇਲੇ ਦੀਆਂ ਤਿਆਰੀਆਂ ਸਮੇਂ-ਸਿਰ ਪੂਰੀਆਂ ਕਰਨ ਅਤੇ ਆਉਣ ਵਾਲੇ ਲੋਕਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੇਲੇ ’ਚ ਵੱਖ ਵੱਖ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ ਤੋਂ ਇਲਾਵਾ ਬਾਹਰੀ ਰਾਜਾਂ ਤੋਂ ਆਉਣ ਵਾਲੇ ਲੋਕਾਂ ਵੱਲੋਂ ਵੱਡੀ ਗਿਣਤੀ ਸਟਾਲ ਲਗਾਏ ਜਾਣਗੇ, ਜੋ ਮੇਲੇ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ ਤੇ ਸਾਫ਼-ਸਫਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵਿਭਾਗ ਵੱਲੋਂ ਉਚਿਤ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।