- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਨਮਦੀਪ ਕਨੋਈ ਖੁਦਕੁਸ਼ੀ ਮਾਮਲਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕਨੋਈ ਦੇ ਸਨਮਦੀਪ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ |ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਨਮਦੀਪ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕਰਨ ਵਿੱਚ ਟਾਲ-ਮਟੋਲ ਕੀਤੀ ਜਾ ਰਹੀ ਸੀ ਲੇਕਿਨ ਵਿਰੋਧੀ ਧਿਰਾਂ ਅਤੇ ਪਰਿਵਾਰ ਦੇ ਦਬਾਅ ਹੇਠ ਆਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪੁਲਿਸ ਉਕਤ ਮਾਮਲੇ ਵਿੱਚ ਐੱਸਸੀ ਐੱਸਟੀ ਐਕਟ ਦੀਆਂ ਧਾਰਾਵਾਂ ਦਾ ਵਾਧਾ ਕਰੇ। ਮੰਗਲਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸਨਮਦੀਪ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਸੂਬੇ ਦੀ ਹਾਕਮ ਧਿਰ ਦੇ ਸਥਾਨਕ ਆਗੂ ਕਥਿਤ ਤੌਰ ’ਤੇ ਮੌਤ ਲਈ ਜਿੰਮੇਵਾਰ ਲੋਕਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਜਿਸ ਕਾਰਨ ਪੁਲਿਸ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਝਿਜਕ ਰਹੀ ਸੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਵਿਰੋਧੀ ਪਾਰਟੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਮਾਮਲਾ ਦਰਜ ਕੀਤਾ ਹੈ, ਪਰ ਜ਼ਹਿਰੀਲੀ ਚੀਜ਼ ਨਿਗਲਕੇ ਖੁਦਕੁਸ਼ੀ ਕਰ ਗਏ ਨੌਜਵਾਨ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੀਆਂ ਧਰਾਵਾਂ ਜੋੜਨ ਤੋਂ ਟਾਲਾ ਵੱਟ ਰਹੀ ਹੈ। ਰਾਜਿੰਦਰ ਦੀਪਾ ਨੇ ਮੰਗ ਕੀਤੀ ਕਿ ਸਨਮਦੀਪ ਖੁਦਕੁਸ਼ੀ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਤੁਰੰਤ ਐਸਸੀ ਐਸਟੀ ਐਕਟ ਤਹਿਤ ਮੁਕੱਦਮਾ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।