- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਸਨਮਦੀਪ ਸਿੰਘ ਦੇ ਪਿਤਾ ਪਰਮਜੀਤ ਸਿੰਘ ਅਤੇ ਦਾਦਾ ਹੰਸਾ ਸਿੰਘ ਨੇ ਦੋਸ਼ ਲਾਇਆ ਕਿ ਪਰਿਵਾਰ ਨੇ ਸਾਲ 2019 ਵਿੱਚ ਪਿੰਡ ਦੇ ਸਰਪੰਚ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਸਰਪੰਚ ਦੀ ਸ਼ਹਿ ’ਤੇ ਪਿੰਡ ਦੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਖ਼ਿਲਾਫ਼ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਵਾ ਦਿੱਤਾ ਸੀ।

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਤਿੰਨ ਦਿਨ ਬਾਅਦ ਸੋਮਵਾਰ ਸ਼ਾਮ ਨੂੰ ਪਰਿਵਾਰ ਦੀ ਮੰਗ ਅਨੁਸਾਰ ਪੁਲਿਸ ਨੇ ਪਿੰਡ ਦੇ ਸਰਪੰਚ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਕੇਸ ਦਰਜ ਕਰਨ ਦੇ ਭਰੋਸੇ ਤੋਂ ਬਾਅਦ ਪਰਿਵਾਰ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਕਰਨ ਲਈ ਰਾਜ਼ੀ ਹੋ ਗਿਆ।
ਸਿਵਲ ਹਸਪਤਾਲ ਦੀ ਮੋਰਚਰੀ ਦੇ ਸਾਹਮਣੇ ਸ਼ਨੀਵਾਰ ਤੋਂ ਦਿਨ-ਰਾਤ ਚੱਲ ਰਿਹਾ ਧਰਨਾ ਵੀ ਪਰਿਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਮਾਪਤ ਕਰ ਦਿੱਤਾ ਗਿਆ। ਧਰਨੇ ਦੌਰਾਨ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਪੁਲਿਸ ਲਗਾਤਾਰ ਸਿਆਸੀ ਦਬਾਅ ਹੇਠ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਪਰਿਵਾਰ ਦੇ ਸੰਘਰਸ਼ ਤੋਂ ਬਾਅਦ ਆਖ਼ਿਰਕਾਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।
ਮ੍ਰਿਤਕ ਸਨਮਦੀਪ ਸਿੰਘ ਦੇ ਪਿਤਾ ਪਰਮਜੀਤ ਸਿੰਘ ਅਤੇ ਦਾਦਾ ਹੰਸਾ ਸਿੰਘ ਨੇ ਦੋਸ਼ ਲਾਇਆ ਕਿ ਪਰਿਵਾਰ ਨੇ ਸਾਲ 2019 ਵਿੱਚ ਪਿੰਡ ਦੇ ਸਰਪੰਚ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਸਰਪੰਚ ਦੀ ਸ਼ਹਿ ’ਤੇ ਪਿੰਡ ਦੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਖ਼ਿਲਾਫ਼ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਵਾ ਦਿੱਤਾ ਸੀ।
ਪਰਿਵਾਰ ਦਾ ਦੋਸ਼ ਹੈ ਕਿ ਇਸ ਕੇਸ ਨੂੰ ਵਾਪਸ ਲੈਣ ਲਈ ਸਰਪੰਚ ਵੱਲੋਂ ਪਰਿਵਾਰ ’ਤੇ ਦਬਾਅ ਬਣਾਉਣ ਦੀ ਖ਼ਾਤਰ ਉਨ੍ਹਾਂ ਦੇ ਪੁੱਤਰ ਸਨਮਦੀਪ ਸਿੰਘ ਨੂੰ ਧਮਕਾਇਆ ਜਾ ਰਿਹਾ ਸੀ। ਇਸ ਤੋਂ ਆਹਤ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਪਰਿਵਾਰ ਨੇ ਇਸ ਮਾਮਲੇ ਲਈ ਪਿੰਡ ਦੇ ਸਰਪੰਚ ਦੀਪ ਸਿੰਘ ਉਰਫ਼ ਬਾਵਾ, ਉਸ ਦੇ ਭਰਾ ਗੁਰਿੰਦਰ ਸਿੰਘ ਗੋਗਾ, ਸਾਬਕਾ ਪੰਚ ਹਰਬੰਸ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਤਿੰਨ ਦਿਨਾਂ ਤੋਂ ਮ੍ਰਿਤਕ ਦੀ ਲਾਸ਼ ਸੰਗਰੂਰ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਸੀ। ਸੋਮਵਾਰ ਸ਼ਾਮ ਨੂੰ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।
ਐੱਸਐੱਚਓ ਜਸਵਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ ਹੈ। ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕੀਤਾ ਜਾ ਰਿਹਾ ਹੈ।