- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ਦਾ ਪੁੱਤ ਸੰਧੂ ਹੁਣ ਮਾਲੇਰਕੋਟਲਾ ਤੋਂ ਲੜੇਗਾ ਆਜ਼ਾਦ ਚੋਣ

54 ਪਿੰਡਾਂ ਤੇ 33 ਵਾਰਡਾਂ ਦੇ ਲੋਕਾਂ ਨੇ ਦਿੱਤੀ ਹਮਾਇਤ, ਵਿਕਾਸ ਅਤੇ ਜਵਾਬਦੇਹੀ ਦੇ ਮੁੱਦੇ ਉਭਰੇ
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਮਾਲੇਰਕੋਟਲਾ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਮਾਹਮਦਪੁਰ ਦੇ ਸਰਪੰਚ ਗੁਰਮੀਤ ਸਿੰਘ ਸੰਧੂ ਨੇ ਹਲਕਾ ਮਾਲੇਰਕੋਟਲਾ ਤੋ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨ ਦੀ ਤਿਆਰੀ ਵਿੱਢ ਦਿੱਤੀ ਹੈ। ਇਸ ਸਬੰਧੀ ਸ਼ੇਰਗੜ੍ਹ ਚੀਮਾ ਦੇ ਰਾਜ ਪੈਲੇਸ ਵਿੱਚ ਹੋਈ ਮੀਟਿੰਗ ਦੌਰਾਨ 54 ਪਿੰਡਾਂ ਅਤੇ ਮਾਲੇਰਕੋਟਲਾ ਸ਼ਹਿਰ ਦੇ 33 ਵਾਰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸੰਧੂ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਤਜਵੀਜ਼ ਰੱਖੀ ਗਈ, ਜਿਸ ਨੂੰ ਹਾਜ਼ਰ ਲੋਕਾਂ ਨੇ ਹੱਥ ਖੜ੍ਹੇ ਕਰਕੇ ਹਮਾਇਤ ਦਿੱਤੀ।
ਗੁਰਮੀਤ ਸਿੰਘ ਸੰਧੂ ਤਿੰਨ ਵਾਰ ਪਿੰਡ ਮਾਹਮਦਪੁਰ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮਾਲੇਰਕੋਟਲਾ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਵੀ ਸਿਆਸੀ ਨੁਮਾਇੰਦਗੀ ਵਿੱਚ ਬਣਦੀ ਥਾਂ ਮਿਲਣੀ ਚਾਹੀਦੀ ਹੈ। ਬੁਲਾਰਿਆਂ ਨੇ ਸੜਕਾਂ, ਬੁਨਿਆਦੀ ਢਾਂਚੇ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਸੁਧਾਰ ਦੀ ਲੋੜ ਉਭਾਰੀ। ਇਸ ਦੇ ਨਾਲ ਹੀ ਸੰਦੌੜ ਵਿੱਚ ਉੱਚ ਸਿੱਖਿਆ ਦੀਆਂ ਸਹੂਲਤਾਂ ਦਾ ਮੁੱਦਾ ਵੀ ਚਰਚਾ ਵਿੱਚ ਆਇਆ।
ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਮਾਲੇਰਕੋਟਲਾ ਸਿਰਫ਼ ਸ਼ਹਿਰ ਹੀ ਨਹੀਂ, ਸਗੋਂ 54 ਪਿੰਡਾਂ ਅਤੇ 33 ਵਾਰਡਾਂ ਦੇ ਲੋਕਾਂ ਦੀਆਂ ਉਮੀਦਾਂ ਨਾਲ ਜੁੜਿਆ ਖੇਤਰ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਵਾਰਡ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਾਲ-ਨਾਲ ਚੁਣੇ ਹੋਏ ਨੁਮਾਇੰਦਿਆਂ ਦੀ ਜਵਾਬਦੇਹੀ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਪ੍ਰਬੰਧਕਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿਕਾਸ, ਸਿੱਖਿਆ, ਰੁਜ਼ਗਾਰ ਅਤੇ ਲੋਕਾਂ ਦੀਆਂ ਸਥਾਨਕ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।