- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਝੋਟਾ ਦੇ ਮਾਮਲੇ ’ਚ ਸੰਧੂ ਨੇ ਸਰਕਾਰ ਨੂੰ ਘੇਰਿਆ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਰਪੰਚ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਡਟ ਕੇ ਲੜਨ ਵਾਲੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੇ ਮਾਮਲੇ ਵਿੱਚ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਸਰਪੰਚ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਜਾਲ ਵਿੱਚ ਫਸ ਰਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ। ਉਸ ਨੇ ਲੋਕਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ। ਉਸ ਦਾ ਸੰਘਰਸ਼ ਸਮਾਜ ਅਤੇ ਸਰਕਾਰਾਂ ਲਈ ਇੱਕ ਵੱਡਾ ਸੁਨੇਹਾ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਠੋਸ ਕਾਰਵਾਈ ਅਤੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ, ਕਤਲਾਂ, ਫਿਰੌਤੀਆਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਨੌਜਵਾਨ ਪੀੜ੍ਹੀ ਦਾ ਭਵਿੱਖ ਬਚਾਉਣ ਲਈ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਰੋਸ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਸਰਪੰਚ ਸੰਧੂ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਪਰਵਿੰਦਰ ਸਿੰਘ ਝੋਟਾ ਦਾ ਸੰਘਰਸ਼ ਇਹ ਸਵਾਲ ਛੱਡ ਗਿਆ ਹੈ ਕਿ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਨੂੰ ਬਚਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਕਿੰਨੀ ਗੰਭੀਰ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਕਜੁੱਟ ਸੰਘਰਸ਼ ਨਾਲ ਹੀ ਸਰਕਾਰਾਂ ਨੂੰ ਜਵਾਬਦੇਹ ਬਣਾਇਆ ਜਾ ਸਕਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।