ਆਦਰਸ਼ ਸਕੂਲ ਅਧਿਆਪਕਾਂ ਨੇ ਡੀਸੀ ਦਫਤਰ ਅੱਗੇ ਲਾਇਆ ਧਰਨਾ ਆਦਰਸ਼ ਸਕੂਲ ਅਧਿਆਪਕਾਂ ਨੇ ਡੀਸੀ ਦਫਤਰ ਅੱਗੇ ਲਾਇਆ ਧਰਨਾ
Publish Date: Thu, 20 Aug 2026 05:04 PM (IST)
Updated Date: Fri, 21 Aug 2026 04:03 AM (IST)
22 ਅਗਸਤ ਨੂੰ ਵਿੱਤ ਮੰਤਰੀ ਦਾ ਦਫ਼ਤਰ ਘੇਰਨ ਦਾ ਐਲਾਨ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਡੀਸੀ ਦਫ਼ਤਰ ਦੇ ਬਾਹਰ ਲਾਇਆ ਗਿਆ ਧਰਨਾ ਵੀਰਵਾਰ ਨੂੰ 17ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਨਾਅਰੇਬਾਜੀ ਕਰਦਿਆਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਗਾਤਾਰ ਭਰੋਸੇ ਅਤੇ ਵਾਅਦੇ ਕੀਤੇ ਜਾ ਰਹੇ ਹਨ, ਪਰ ਹਾਲੇ ਤੱਕ ਮਸਲਿਆਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਸਰਕਾਰ ਦੇ ਇਨ੍ਹਾਂ ਝੂਠੇ ਲਾਰਿਆਂ ਤੋਂ ਅੱਕੇ ਹੋਏ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਹੈ। 22 ਅਗਸਤ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਨਾਲ ਸਮੂਹ ਮਾਪਿਆਂ, ਬੱਚਿਆਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 21 ਅਗਸਤ ਨੂੰ ਸੰਗਰੂਰ ਵਿਖੇ ਸਰਕਾਰ ਦੇ ਝੂਠੇ ਲਾਰਿਆਂ ਦਾ ਘੜਾ ਭੰਨਿਆ ਜਾਵੇਗਾ, ਤਾਂ ਜੋ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਜਾ ਸਕੇ ਕਿ ਹੁਣ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਸਿਰਫ਼ ਵਾਅਦਿਆਂ ਅਤੇ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹੋਰ ਸਮਾਂ ਬਰਬਾਦ ਕਰਨ ਦੀ ਬਜਾਏ ਤੁਰੰਤ ਗੱਲਬਾਤ ਕਰਕੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਸਥਾਈ ਅਤੇ ਸਨਮਾਨਜਨਕ ਹੱਲ ਕੀਤਾ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸੰਘਰਸ਼ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਸ਼ਪਾਲ ਸਿੰਘ, ਅਮਨ ਸ਼ਾਸਤਰੀ, ਗੁਰਜਿੰਦਰ ਸਿੰਘ, ਜਗਤਾਰ ਸਿੰਘ, ਪ੍ਰਦੀਪ ਸਿੰਘ, ਸੰਦੀਪ ਕੌਰ, ਸ਼ਰਨ ਕੌਰ, ਭੁਪਿੰਦਰ ਕੌਰ ਅਤੇ ਜਸਵਿੰਦਰ ਮੌਜੂਦ ਸਨ।