ਆਦਰਸ਼ ਸਕੂਲ ਅਧਿਆਪਕਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਕੀਤਾ ਗਿਆ ਘਿਰਾਓ ਆਦਰਸ਼ ਸਕੂਲ ਅਧਿਆਪਕਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਕੀਤਾ ਗਿਆ ਘਿਰਾਓ
Publish Date: Sat, 22 Aug 2026 05:26 PM (IST)
Updated Date: Sun, 23 Aug 2026 04:00 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਦਿੜ੍ਹਬਾ ਦਾਣਾ ਮੰਡੀ ਵਿਖੇ ਆਦਰਸ਼ ਸਕੂਲਾਂ ਦੇ ਸਮੂਹ ਕਰਮਚਾਰੀਆਂ, ਬੱਚਿਆਂ ਦੇ ਮਾਪਿਆਂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ, ਨਾਨ-ਟੀਚਿੰਗ ਕਰਮਚਾਰੀਆਂ, ਮਾਪਿਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਤੋਂ ਬਾਅਦ ਸਮੂਹ ਮਾਪਿਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਜਥੇਬੰਦੀਆਂ ਵੱਲੋਂ ਦਿੜ੍ਹਬਾ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਪ੍ਰਦਰਸ਼ਨਕਾਰੀਆਂ ਵੱਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਦਿਆਂ ਘਿਰਾਓ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਦਰਜਾ-ਚਾਰ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਦੇ ਹੋਏ ਫੁੱਲ ਗ੍ਰੇਡ ਪੇ ਲਾਗੂ ਕੀਤੀ ਜਾਵੇ ਅਤੇ ਤਨਖਾਹਾਂ ਸਬੰਧੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਘਿਰਾਓ ਦੌਰਾਨ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਮੀਟਿੰਗ ਕਰਵਾਉਣ ਅਤੇ ਮੰਗਾਂ ਦੇ ਹੱਲ ਲਈ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਵਿੱਤ ਮੰਤਰੀ ਅਤੇ ਜਥੇਬੰਦੀ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਹੋਣ ਵਾਲੀ ਗੱਲਬਾਤ ਅਤੇ ਸਰਕਾਰ ਦੇ ਰੁਖ ਨੂੰ ਦੇਖਦਿਆਂ ਜਥੇਬੰਦੀ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ਦਾ ਕੋਈ ਠੋਸ ਅਤੇ ਤਸੱਲੀਬਖਸ਼ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਕਰਮਚਾਰੀ, ਮਾਪੇ ਅਤੇ ਸਹਿਯੋਗੀ ਜਥੇਬੰਦੀਆਂ ਆਪਣੀਆਂ ਜਾਇਜ਼ ਮੰਗਾਂ ਲਈ ਇਕਜੁੱਟ ਹਨ ਅਤੇ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸੰਘਰਸ਼ ਵਿੱਚ ਸਮੂਹ ਆਦਰਸ਼ ਸਕੂਲਾਂ ਦੇ ਕਰਮਚਾਰੀ ਬੱਚਿਆਂ ਦੇ ਮਾਪੇ ਅਤੇ ਬੱਚੇ, ਡੈਮੋਕਰੇਟਿਕ ਟੀਚਰਸ ਫਰੰਟ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਸ਼ਾਮਿਲ ਸਨ।