- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ- ਡਾ. ਅਮਰ ਸਿੰਘ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ,
ਅਹਿਮਦਗੜ੍ਹ : ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਸਰਕਾਰ ਤੋਂ ਸਵਾਲ ਕਰਨ ਵਾਲੇ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਿਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਦਾ ਪੂਰਾ ਅਧਿਕਾਰ ਹੈ। ਪਰ ਪੰਜਾਬ ਵਿੱਚ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਕਾਰ ਨੂੰ ਸਵਾਲ ਕਰਨ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਨਜੀਤ ਸਿੰਘ ਨਾਲ ਕੀਤੇ ਗਏ ਤਸ਼ੱਦਦ ਦੀ ਘਟਨਾ ਹਾਲੇ ਲੋਕਾਂ ਦੇ ਦਿਮਾਗ ਵਿੱਚੋ ਨਿਕਲੀ ਨਹੀ ਸੀ ਕਿ ਉਸਤੋਂ 2 ਦਿਨ ਬਾਅਦ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਇੱਕ ਵਿਅਕਤੀ ’ਤੇ ਇੰਨਾ ਦਬਾਅ ਬਣਾਇਆ ਗਿਆ ਕਿ ਉਸ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਵੱਲੋਂ ਸਰਕਾਰ ਤੋਂ ਸਵਾਲ ਪੁੱਛਣਾ ਹੀ ਉਸ ਲਈ ਮੁਸੀਬਤ ਬਣ ਜਾਵੇ, ਤਾਂ ਇਹ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਸਾਮ, ਦਾਮ, ਦੰਡ, ਭੇਦ’ ਦੀ ਜਿਸ ਰਾਜਨੀਤੀ ਦੀ ਗੱਲ ਕਦੇ ਸਿਸੋਦੀਆ ਵੱਲੋਂ ਕੀਤੀ ਗਈ ਸੀ, ਅੱਜ ਪੰਜਾਬ ਵਿੱਚ ਪੁਲਿਸ ਤੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਅਜਿਹਾ ਲੱਗਦਾ ਹੈ ਕਿ ਉਸੇ ਸੋਚ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਇਨ੍ਹਾਂ ਦੋਵੇਂ ਮੰਦਭਾਗੀਆਂ ਘਟਨਾਵਾਂ ਬੇਹੱਦ ਦੁਖਦਾਈ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਵੱਲੋਂ ਵੀ ਇਨ੍ਹਾਂ ਘਟਨਾਵਾਂ ’ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਡਾ. ਅਮਰ ਸਿੰਘ ਨੇ ਇਨ੍ਹਾਂ ਦੋਵੇਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਸਿਆਸੀ ਵਿਅਕਤੀ ਅਤੇ ਅਧਿਕਾਰੀ ਇਹਨਾਂ ਘਟਨਾਵਾਂ ਲਈ ਜ਼ਿੰਮੇਵਾਰ ਹਨ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।