- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਅਕਤੂਬਰ ਦੀ 'ਪੰਜਾਬ ਬਚਾਓ' ਰੈਲੀ ਇਤਿਹਾਸਕ ਹੋਵੇਗੀ -ਜੱਸੀ ਮੰਨਵੀ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ਵਿੱਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹੋਈਆਂ ਰੈਲੀਆਂ ਵਿੱਚ ਪਹੁੰਚੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਚੋਣਾਂ 2027 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਸੇ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ 4 ਅਕਤੂਬਰ ਨੂੰ ਦਾਣਾ ਮੰਡੀ ਖਾਨਪੁਰ (ਹਲਕਾ ਅਮਰਗੜ੍ਹ) ਵਿੱਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ, ਹਲਕਾ ਅਮਰਗੜ੍ਹ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦਾ ਪੂਰੀ ਤਰ੍ਹਾਂ ਪਰਦਾਫ਼ਾਸ਼ ਹੋ ਚੁੱਕਾ ਹੈ ਅਤੇ ਲੋਕ ਝਾੜੂ ਪਾਰਟੀ ਤੋਂ ਅੱਕ ਚੁੱਕੇ ਹਨ। ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਦਾ ਬਿਸਤਰਾ ਗੋਲ ਕਰ ਦੇਣਗੇ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਦੇ ਹੱਕਾਂ ਲਈ ਲੜਨ ਤੇ ਡਟ ਕੇ ਖੜ੍ਹਨ ਵਾਲੀ ਇੱਕੋ-ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ 4 ਅਕਤੂਬਰ ਨੂੰ ਇੱਕ ਸ਼ਾਨਦਾਰ, ਪ੍ਰਭਾਵਸ਼ਾਲੀ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੀ ਰੈਲੀ ਕਰਕੇ ਹਲਕਾ ਅਮਰਗੜ੍ਹ ਤੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਅਗਲੀ ਅਕਾਲੀ ਸਰਕਾਰ ਬਣਾਉਣ ਦਾ ਸੁਨੇਹਾ ਦਿੱਤਾ ਜਾਵੇਗਾ।