- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਹਮਾਰੇ ਰਾਮ’ ਦੀ ਦਿਲਕਸ਼ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲਿਆ

ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਬਣੀ ਖਿੱਚ ਦਾ ਕੇਂਦਰ
ਕੈਬਨਿਟ ਮੰਤਰੀ ਅਮਨ ਅਰੋੜਾ, ਬਰਿੰਦਰ ਕੁਮਾਰ ਗੋਇਲ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਹੋਏ ਸ਼ਾਮਲ
ਕਰਨਵੀਰ ਸਿੰਘ, ਪੰਜਾਬੀ ਜਾਗਰਣ,
ਲੌਂਗੋਵਾਲ : ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਟੈਕਨੋਲੋਜੀ, ਲੌਂਗੋਵਾਲ ਦੇ ਆਡੀਟੋਰੀਅਮ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ। ਨਾਟਕ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸ਼ੁਰੂ ਤੋਂ ਅੰਤ ਤੱਕ ਦਰਸ਼ਕਾਂ ਨੂੰ ਕੀਲ ਕੇ ਰੱਖਿਆ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਨੇ ਕਿਹਾ ਕਿ ‘ਹਮਾਰੇ ਰਾਮ’ ਨਾਟਕ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦਾ ਹਿੱਸਾ ਹੈ। ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ਨਾਲ ਜੋੜਨਾ ਹੈ।
ਉਨ੍ਹਾਂ ਕਿਹਾ ਕਿ ਨਾਟਕ ਦੀ ਖਾਸੀਅਤ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਅਦਾਕਾਰੀ ਹੈ, ਜਿਸ ਨੇ ਪੇਸ਼ਕਾਰੀ ਨੂੰ ਹੋਰ ਵੀ ਜੀਵੰਤ ਅਤੇ ਆਕਰਸ਼ਕ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਮਾਇਣ ਦੇ ਮਹਾਂਕਾਵਿ ਰਾਹੀਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਸੰਦੇਸ਼ ਅਤੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤਕ ਪਹੁੰਚਾਉਣ ਲਈ ਅਜਿਹੇ ਸੱਭਿਆਚਾਰਕ ਉਪਰਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਨੂੰ ਬੇਹੱਦ ਦਮਦਾਰ ਅੰਦਾਜ਼ ਵਿੱਚ ਨਿਭਾਇਆ ਗਿਆ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਵਾਹ ਵਾਹ ਮਿਲੀ। ਇਸੇ ਤਰ੍ਹਾਂ ਹੋਰਨਾਂ ਕਲਾਕਾਰਾਂ ਨੇ ਵੀ ਮਹਾਂਕਾਵਿ ਦੇ ਵੱਖ-ਵੱਖ ਪਾਤਰਾਂ ਨੂੰ ਪੂਰੀ ਸ਼ਿੱਦਤ ਅਤੇ ਜੀਵੰਤਤਾ ਨਾਲ ਪੇਸ਼ ਕੀਤਾ।
ਜ਼ਿਕਰਯੋਗ ਹੈ ਕਿ ‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ’ਤੇ ਆਧਾਰਿਤ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤਾਂ ਨਾਲ ਜੁੜੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਵਿਚਾਰਧਾਰਾ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਵੱਲੋਂ ਨਿਰਮਿਤ ਇਸ ਨਾਟਕ ਵਿੱਚ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਨਿਭਾਅ ਰਹੇ ਹਨ, ਜਦਕਿ ਉਨ੍ਹਾਂ ਦੇ ਨਾਲ ਕਈ ਹੋਰ ਉੱਘੇ ਕਲਾਕਾਰ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਰਹੇ ਹਨ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ , ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸਡੀਐੱਮ ਸਤੀਸ਼ ਚੰਦਰ ਹਾਜ਼ਰ ਸਨ।