- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਰਾਜ ਨੇ 2.39 ਕਰੋੜ ਦੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ 238.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲਣ ਦੀ ਉਮੀਦ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬਿੰਬੜੀ ਤੋਂ ਥੂਹੀ–ਅੜਕਵਾਸ ਨਹਿਰ ਦੇ ਨਾਲ 4.50 ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ 214.99 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸੇ ਤਰ੍ਹਾਂ ਮਾਝੀ–ਫੂੰਮਣਵਾਲ ਰੋਡ ਤੋਂ ਡੇਰਾ ਬਾਬਾ ਗੁਜਰਾਂ ਵਾਲਾ ਤੱਕ 0.50 ਕਿਲੋਮੀਟਰ ਲੰਬੀ ਸੜਕ 23.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੜਕਾਂ ਦੇ ਨਿਰਮਾਣ ਨਾਲ ਬਿੰਬੜੀ, ਥੂਹੀ, ਅੜਕਵਾਸ, ਮਾਝੀ, ਫੂੰਮਣਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਸੁਖਾਲੀ ਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦਾ ਲਾਭ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਤੋਂ ਇਲਾਵਾ ਵਿਦਿਆਰਥੀਆਂ, ਕਿਸਾਨਾਂ ਅਤੇ ਖੇਤਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਵੀ ਹੋਵੇਗਾ।
ਵਿਧਾਇਕ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ ਤੇ ਸੀਵਰੇਜ ਸਮੇਤ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੋਵਾਂ ਸੜਕਾਂ ਦਾ ਨਿਰਮਾਣ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਵਿੱਚ ਉੱਚ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਪਿੰਡਾਂ ਦੀਆਂ ਲੋੜਾਂ ਅਨੁਸਾਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਵਿਕਰਮ ਨਕਟੇ, ਮਾਝੀ ਦੀ ਸਰਪੰਚ ਜਸਵਿੰਦਰ ਕੌਰ, ਜੱਸਾ ਭੜੋ, ਰਣਦੀਪ ਡੇਹਲੇਵਾਲ, ਜਗਵਿੰਦਰ ਡੇਹਲੇਵਾਲ, ਸੁਖਮਨ ਬਾਲਦ, ਮਨਿੰਦਰ ਫੂੰਮਣਵਾਲ, ਸਰਪੰਚ ਨਕਟੇ ਅਤੇ ਲਖਵਿੰਦਰ ਸਿੰਘ ਹਾਜ਼ਰ ਸਨ।