- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਕਾਨੂੰਨ ਵਿਵਸਥਾ ਵਿਗੜੀ -ਕਮਲ ਧਾਲੀਵਾਲ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਤਲ ਦੀਆਂ ਵਾਰਦਾਤਾਂ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ, ਪਰ ਸਰਕਾਰ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਅਸਫ਼ਲ ਰਹੀ ਹੈ।
ਕਮਲ ਧਾਲੀਵਾਲ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ’ਤੇ ਹੋ ਰਹੇ ਹਮਲੇ ਅਤੇ ਆਮ ਲੋਕਾਂ ਨਾਲ ਦਿਨ-ਦਿਹਾੜੇ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਾਨੂੰਨ ਦੇ ਰਖਵਾਲੇ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ।
ਉਨ੍ਹਾਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ।
ਕਮਲ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।