- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੇ ਅਸਲ ਮੁੱਦਿਆਂ ਦੀ ਲੜਾਈ ਬਣੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ : ਕਮਲ ਧਾਲੀਵਾਲ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ‘ਇਨਸਾਫ਼ ਰੈਲੀ’ ਦੌਰਾਨ ਦਿੱਤੇ ਗਏ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਸਾਂਝੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸੂਬੇ ਦੇ ਹੱਕਾਂ ਅਤੇ ਲੋਕਾਂ ਦੇ ਅਸਲ ਮੁੱਦਿਆਂ ਦੀ ਮਜ਼ਬੂਤ ਆਵਾਜ਼ ਬਣੇਗੀ। ਇਹ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਮੁਹਿੰਮ ਦੇ ਆਗਾਜ਼ ਮੌਕੇ ਸ਼ਮੂਲੀਅਤ ਕਰਨ ਉਪਰੰਤ ਕੀਤਾ।
ਕਮਲ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਨਸ਼ਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਅਤੇ ਕਿਸਾਨੀ ਤੇ ਨੌਜਵਾਨੀ ਦਾ ਭਵਿੱਖ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਿਹਤਰ ਭਵਿੱਖ ਦੀ ਆਸ ਨਾਲ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਮਹਿਜ਼ ਸਿਆਸੀ ਨਾਅਰਾ ਨਹੀਂ, ਸਗੋਂ ਪੀੜਤ ਪਰਿਵਾਰਾਂ ਦੀਆਂ ਦੁੱਖ-ਤਕਲੀਫ਼ਾਂ ਸੁਣਨ, ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਇੱਕ ਵਿਆਪਕ ਜਨ-ਸੰਪਰਕ ਅਭਿਆਨ ਹੈ। ਇਸ ਮੁਹਿੰਮ ਤਹਿਤ ਨਸ਼ਿਆਂ ਅਤੇ ਅਪਰਾਧਾਂ ਤੋਂ ਪੀੜਤ ਪਰਿਵਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੱਕ ਇਨਸਾਫ਼ ਤੇ ਬਦਲਾਅ ਦਾ ਸੁਨੇਹਾ ਪਹੁੰਚਾਉਣ ਲਈ ਸਾਈਕਲ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਦੇ ਨਾਲ ਹੀ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਜਾਣਿਆ ਜਾਵੇਗਾ। ਜਨਤਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਇਕਜੁੱਟ ਕਰਕੇ ਸੂਬੇ ਦੇ ਭਖਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਕਿਸਾਨੀ ਨੂੰ ਆਰਥਿਕ ਸੰਕਟ ਵਿੱਚੋਂ ਕੱਢਣਾ, ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਹਰ ਵਰਗ ਨੂੰ ਉਸ ਦੇ ਹੱਕ ਦਿਵਾਉਣਾ ਇਸ ਮੁਹਿੰਮ ਦੀਆਂ ਅਹਿਮ ਤਰਜੀਹਾਂ ਹੋਣਗੀਆਂ। ਕਾਂਗਰਸ ਪਾਰਟੀ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇਗੀ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰੇਗੀ।
ਅਖ਼ੀਰ ਵਿੱਚ ਕਮਲ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਹਰ ਕਾਂਗਰਸੀ ਆਗੂ ਤੇ ਵਰਕਰ ਨੂੰ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰਨਾ ਪਵੇਗਾ। ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸਾਧਨ ਬਣੇਗੀ।