- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਵਿੱਚ ਕਰੀਬ 1250 ਆਮ ਆਦਮੀ ਕਲੀਨਿਕਾਂ ਵਿੱਚ 4000 ਤੋਂ 4200 ਦੇ ਕਰੀਬ ਸਿਹਤ ਕਰਮਚਾਰੀ ਸੇਵਾਵਾਂ ਨਿਭਾਅ ਰਹੇ ਹਨ, ਪਰ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਨਹੀਂ ਕੀਤੀਆਂ ਗਈਆਂ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋ ਗਈ ਅਤੇ ਕਈ ਪ੍ਰਦਰਸ਼ਨਕਾਰੀ ਹੇਠਾਂ ਡਿੱਗ ਪਏ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਬੈਨਰ ਹੇਠ ਇਕੱਠੇ ਹੋਏ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਨੌਕਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਵਿੱਚ ਕਰੀਬ 1250 ਆਮ ਆਦਮੀ ਕਲੀਨਿਕਾਂ ਵਿੱਚ 4000 ਤੋਂ 4200 ਦੇ ਕਰੀਬ ਸਿਹਤ ਕਰਮਚਾਰੀ ਸੇਵਾਵਾਂ ਨਿਭਾਅ ਰਹੇ ਹਨ, ਪਰ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮ ਪਿਛਲੇ 4 ਤੋਂ 5 ਸਾਲਾਂ ਤੋਂ ਕੰਮ ਕਰ ਰਹੇ ਹਨ, ਪਰ ਅੱਜ ਵੀ ਉਨ੍ਹਾਂ ਨੂੰ ਡੇਲੀ ਵੇਜਿਜ਼ ਦੇ ਆਧਾਰ 'ਤੇ ਕੰਮ ਕਰਨਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਆਪਣੇ ਭਵਿੱਖ ਅਤੇ ਨੌਕਰੀ ਦੀ ਸੁਰੱਖਿਆ ਬਾਰੇ ਚਿੰਤਾ ਬਣੀ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੈਡੀਕਲ ਅਫ਼ਸਰਾਂ ਅਤੇ ਕਲੀਨਿਕਲ ਸਟਾਫ਼ ਨੂੰ ਨਿਯਮਤ ਤਨਖ਼ਾਹ ਦੇਣ ਦੀ ਬਜਾਏ ਪ੍ਰਤੀ ਮਰੀਜ਼ ਦੇ ਆਧਾਰ 'ਤੇ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦਾ ਭੁਗਤਾਨ ਵੀ ਨਹੀਂ ਕੀਤਾ ਜਾਂਦਾ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੀਆਂ ਹੁਣ ਤੱਕ ਕਰੀਬ 50 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਮੰਗਾਂ ਸਬੰਧੀ ਕੋਈ ਪੱਕਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਭਵਿੱਖ ਬਾਰੇ ਚਿੰਤਾ ਜ਼ਾਹਰ
ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮ ਸਿਰਫ਼ ਆਪਣੀ ਨੌਕਰੀ ਦੀ ਸੁਰੱਖਿਆ ਅਤੇ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰੇ ਹਨ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸੇਵਾਵਾਂ ਦੇਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਇਹ ਪਤਾ ਨਹੀਂ ਕਿ ਉਨ੍ਹਾਂ ਦਾ ਭਵਿੱਖ ਕੀ ਹੋਵੇਗਾ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਉਨ੍ਹਾਂ ਦਾ ਹਾਲ ਵੀ ਸਾਂਝ ਕੇਂਦਰਾਂ ਅਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਰਗਾ ਨਾ ਹੋ ਜਾਵੇ। ਪਰਮਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ।