ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਬੇਰੁਜ਼ਗਾਰ ਪਹਿਲਾਂ ਵੇਰਕਾ ਮਿਲਕ ਪਲਾਂਟ ਵਿੱਚ ਇਕੱਠੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਿਉਂ ਹੀ ਬੇਰੁਜ਼ਗਾਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਹੁੰਚੇ ਤਾਂ ਉੱਥੇ ਤਾਇਨਾਤ ਸੁਰੱਖਿਆ ਬਲਾਂ ਨੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਇਸ ਦੌਰਾਨ ਬੇਰੁਜ਼ਗਾਰਾਂ ਅਤੇ ਪੁਲਿਸ ਵਿੱਚ ਕਾਫੀ ਧੱਕਾਮੁੱਕੀ ਹੋਈ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁੱਜੇ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਕਾਰ ਖਿੱਚਧੂਹ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਆਪਣੀ ਭੜਾਸ ਕੱਢੀ।
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਬੇਰੁਜ਼ਗਾਰ ਪਹਿਲਾਂ ਵੇਰਕਾ ਮਿਲਕ ਪਲਾਂਟ ਵਿੱਚ ਇਕੱਠੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਿਉਂ ਹੀ ਬੇਰੁਜ਼ਗਾਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਹੁੰਚੇ ਤਾਂ ਉੱਥੇ ਤਾਇਨਾਤ ਸੁਰੱਖਿਆ ਬਲਾਂ ਨੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਇਸ ਦੌਰਾਨ ਬੇਰੁਜ਼ਗਾਰਾਂ ਅਤੇ ਪੁਲਿਸ ਵਿੱਚ ਕਾਫੀ ਧੱਕਾਮੁੱਕੀ ਹੋਈ। ਬੇਰੁਜ਼ਗਾਰ ਕੋਠੀ ਵੱਲ ਨੂੰ ਜਾਣ ਲਈ ਬਜ਼ਿੱਦ ਸਨ। ਕੁਝ ਬੇਰੁਜ਼ਗਾਰਾਂ ਨੂੰ ਧੂਹ-ਧੂਹ ਕੇ ਬੈਰੀਕੇਡ ਤੋਂ ਦੂਰ ਸੁੱਟਿਆ ਗਿਆ।
ਇਸ ਮੌਕੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਭਰਤੀ ਕੈਲੰਡਰ ਲਾਗੂ ਕਰਨ, ਉਮਰ ਹੱਦ ਛੋਟ ਦੇਣ ਦੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ ਪ੍ਰੰਤੂ ਪਿਛਲੇ ਕਰੀਬ ਪੌਣੇ ਚਾਰ ਸਾਲਾਂ ਵਿੱਚ ਇੱਕ ਵੀ ਪੋਸਟ ਸਿੱਖਿਆ ਵਿੱਚ ਐੱਨਟੀਟੀ, ਈਟੀਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਦੀ ਪੋਸਟ ਨਹੀਂ ਕੱਢੀ। ਸਿਹਤ ਵਿਭਾਗ ਵਿੱਚ ਭਾਵੇਂ ਮਾਮੂਲੀ ਪੋਸਟਾਂ ਜਾਰੀ ਕੀਤੀਆਂ ਹਨ ਪ੍ਰੰਤੂ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਭਰਤੀ ਕੀਤੀ ਜਾਵੇ, ਲੈਕਚਰਾਰ ਤੇ ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਪੋਸਟਾਂ ਦਾ ਇਸ਼ਤਿਹਾਰ ਉਮਰ ਹੱਦ ਛੋਟ ਦੇ ਕੇ ਜਾਰੀ ਕੀਤਾ ਜਾਵੇ।
ਇਸ ਮੌਕੇ ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ,ਅਮਨ ਸੇਖਾ, ਸੰਦੀਪ ਮੋਫਰ, ਗੁਰਪ੍ਰੀਤ ਸਿੰਘ, ਨਿਰਮਲ ਮੋਗਾ ਨੇ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜ ਚੁੱਕੀ ਹੈ। ਉਹ ਸਰਕਾਰ ਨੂੰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸਵਾਲ ਕਰਨਗੇ। ਇਸ ਮੌਕੇ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਇੱਕ ਵਾਰ ਸਿੱਖਿਆ ਤੇ ਸਿਹਤ ਮੰਤਰੀ ਨਾਲ ਮੀਟਿੰਗਾਂ ਦੇ ਕੇ ਪੁਚਕਾਰਨ ਦੀ ਕੋਸ਼ਿਸ਼ ਕੀਤੀ ਪਰ ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ ਜੇਕਰ 10 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ 15 ਦਸੰਬਰ ਸਿਹਤ ਮੰਤਰੀ ਨਾਲ ਹੋਣ ਵਾਲੀਆਂ ਮੀਟਿੰਗਾਂ ਰੱਦ ਰਹੀਆਂ ਜਾਂ ਮੀਟਿੰਗਾਂ ਵਿੱਚ ਹੱਲ ਨਾ ਹੋਇਆ ਤਾਂ ਦਸੰਬਰ ਦੇ ਆਖਰੀ ਹਫਤੇ ਵਿੱਚ ਮੁੜ ਬੇਰੁਜ਼ਗਾਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
ਇਸ ਮੌਕੇ ਗੁਰਿੰਦਰ ਸਿੰਘ, ਹਰਵਿੰਦਰ ਸਿੰਘ ਬਠਿੰਡਾ, ਨਰਿੰਦਰ ਸਿੰਘ ਮੁਕਤਸਰ,ਅਮਨਦੀਪ ਕੌਰ, ਰਾਜਵੀਰ ਕੌਰ, ਸ਼ਿੰਦਰਪਾਲ ਕੌਰ, ਸੰਦੀਪ ਕੌਰ ਹਾਜ਼ਰ ਸਨ।