- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡ ਲਾ ਕੇ ਕਾਂਗਰਸੀਆਂ ਨੂੰ ਰੋਕ ਲਿਆ।

ਜਸਵੀਰ ਸਿੰਘ, ਪੰਜਾਬੀ ਜਾਗਕਰਣ, ਸੰਗਰੂਰ : ਬਰਨਾਲਾ ਵਿੱਚ ਪਿਛਲੇ ਹਫ਼ਤੇ ਸਫਾਈ ਕਰਮਚਾਰੀਆਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਦੇ ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਕਾਂਗਰਸ ਦੇ ਅਨੁਸੂਚਿਤ ਜਾਤੀ ਵਿਭਾਗ ਸੰਗਰੂਰ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡ ਲਾ ਕੇ ਕਾਂਗਰਸੀਆਂ ਨੂੰ ਰੋਕ ਲਿਆ। ਅੱਗੇ ਵਧਣ ਦੀ ਕੋਸ਼ਿਸ਼ ਦੌਰਾਨ ਕਾਂਗਰਸੀ ਡਿਵਾਈਡਰ ਟੱਪ ਕੇ ਦੂਜੇ ਪਾਸੇ ਪਹੁੰਚ ਗਏ, ਜਿਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਤੋਂ ਬਾਅਦ ਕਾਂਗਰਸੀਆਂ ਨੇ ਸੜਕ ਦੇ ਵਿਚਕਾਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ।
ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਅਤੇ ਐੱਸਸੀ ਵਿਭਾਗ ਦੇ ਚੇਅਰਮੈਨ ਸ਼ਕਤੀਜੀਤ ਸਿੰਘ ਨੇ ਕਰਦਿਆਂ ਦੋਸ਼ ਲਾਇਆ ਕਿ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ, ਜਿਨ੍ਹਾਂ ਵਿੱਚ ਮਹਿਲਾ ਕਰਮਚਾਰੀ ਵੀ ਸ਼ਾਮਲ ਸਨ, ਉੱਪਰ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਫਾਈ ਕਰਮਚਾਰੀਆਂ, ਮਜ਼ਦੂਰਾਂ ਅਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਸੀ, ਪਰ ਜਦੋਂ ਇਨ੍ਹਾਂ ਵਰਗਾਂ ਨੇ ਆਪਣੀਆਂ ਜਾਇਜ਼ ਮੰਗਾਂ ਚੁੱਕੀਆਂ ਤਾਂ ਉਨ੍ਹਾਂ ਨੂੰ ਗੱਲਬਾਤ ਦੀ ਥਾਂ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਇਸ ਕਾਰਵਾਈ ਲਈ ਸਿਰਫ਼ ਪੁਲਿਸ ਅਧਿਕਾਰੀ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ। ਉਨ੍ਹਾਂ ਸਰਕਾਰ ਵੱਲੋਂ ਇੱਕ ਅਧਿਕਾਰੀ ਨੂੰ ਮੁਅੱਤਲ ਕਰਨ ਦੀ ਕਾਰਵਾਈ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਮੁਅੱਤਲੀ ਨਾਲ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਮੰਗ ਕੀਤੀ ਕਿ ਡੀਐੱਸਪੀ ਬਰਨਾਲਾ ਅਤੇ ਐੱਸਐੱਚਓ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਡੀਐੱਸਪੀ ਨੂੰ ਸਿਰਫ਼ ਮੁਅੱਤਲ ਕਰਨ ਦੀ ਬਜਾਏ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ, ਸਬੰਧਤ ਅਧਿਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਫੌਜਦਾਰੀ ਕਾਰਵਾਈ ਕੀਤੀ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਬਰਨਾਲਾ ਜਾ ਕੇ ਸਫਾਈ ਕਰਮਚਾਰੀਆਂ ਤੋਂ ਮੁਆਫ਼ੀ ਮੰਗਣ।
ਇਸ ਮੌਕੇ ਦੁਰਲਭ ਸਿੰਘ ਸਿੱਧੂ, ਬੰਨੀ ਖੇੜਾ (ਕਾਰਜਕਾਰੀ ਚੇਅਰਮੈਨ, ਐੱਸਸੀ ਵਿਭਾਗ), ਹਰਦੀਪ ਦੌਲਤਪੁਰ, ਭਰਤ ਗਰਗ (ਪੀਏ), ਹਰੀ ਸਿੰਘ ਫੱਗੂਵਾਲਾ, ਜਸਮੇਲ ਸਿੰਘ, ਬਿੰਦਰ ਬਾਂਸਲ, ਨਰੇਸ਼ ਗਾਬਾ, ਹਰਪਾਲ ਸੋਨੂ, ਚਮਕੌਰ ਸਿੰਘ ਜੱਸੀ, ਕਰਮਜੀਤ ਕੌਰ, ਅਮਰੀਕ ਸਿੰਘ ਸ਼ੇਰੋਂ, ਬਲਵੰਤ ਸਿੰਘ, ਭੀਮ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਕੰਡੋਲਾ ਅਤੇ ਹਰਪ੍ਰੀਤ ਬਾਜਵਾ ਹਾਜ਼ਰ ਸਨ।