Sangrur News : ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਕੀਤਾ ਰੋਸ ਪ੍ਰਦਰਸ਼ਨ, ਪੰਜਾਬ ਤਨਖ਼ਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਕੀਤੀ ਮੰਗ
‘ਪੁਰਾਣੇ-ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੀ ਅਗਵਾਈ ’ਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਦਿਆਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Publish Date: Sun, 15 Feb 2026 06:43 PM (IST)
Updated Date: Sun, 15 Feb 2026 06:46 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ‘ਪੁਰਾਣੇ-ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੀ ਅਗਵਾਈ ’ਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਦਿਆਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅੱਗੇ ਵਧਦੇ ਹੋਏ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਮਾਮੂਲੀ ਧੱਕ-ਮੁੱਕੀ ਹੋਈ।
ਪ੍ਰਸ਼ਾਸਨ ਵੱਲੋਂ ਮੋਰਚੇ ਦੀ 5 ਮਾਰਚ ਨੂੰ ਮੁੱਖ ਮੰਤਰੀ ਹਾਊਸ ਵਿਖੇ ਪ੍ਰਿੰਸੀਪਲ ਸੈਕਟਰੀ ਅਤੇ ਸੰਬੰਧਤ ਸੈਕਟਰੀਆਂ ਨਾਲ ਮੀਟਿੰਗ ਤਹਿ ਕਰਵਾ ਕੇ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਸ਼ਾਂਤ ਕੀਤਾ।
ਇਸ ਮੌਕੇ ਮੋਰਚੇ ਦੇ ਸੂਬਾਈ ਕਨਵੀਨਰ ਅਤੇ ਕੋ-ਕਨਵੀਨਰਾਂ ਵਿਕਰਮਦੇਵ ਸਿੰਘ, ਅਤਿੰਦਰ ਪਾਲ ਘੱਗਾ, ਦੀਪਕ ਕੰਬੋਜ਼, ਗੁਰਦੀਪ ਸਿੰਘ ਬਾਸੀ, ਸੰਦੀਪ ਸਿੰਘ ਗਿੱਲ, ਸੁਰਿੰਦਰ ਪਾਲ ਸਿੰਘ, ਦੀਪਕ ਧਾਲੀਵਾਲ ਅਤੇ ਬਲਿਹਾਰ ਬੱਲੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨੇ ਸੂਬੇ ਦੇ ਰਾਜਨੀਤਿਕ ਅਤੇ ਆਰਥਿਕ ਮਸਲਿਆਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ਼ ‘ਆਪ’ ਸਰਕਾਰ ਨੂੰ ਸੱਤਾ ਦੀ ਵਾਗਡੋਰ ਸੌਂਪੀ ਸੀ।
ਹੁਣ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਹੱਲ ਕਰਨ ਤੋਂ ਇਨਕਾਰੀ ਹੋ ਰਹੀ ਹੈ। ਇਸ ਸਥਿਤੀ ’ਚ ਪੰਜਾਬ ਦੇ ਨਵੇਂ ਅਤੇ ਪੁਰਾਣੇ ਮੁਲਾਜ਼ਮਾਂ ਵੱਲੋਂ ਸੰਘਰਸ਼ਾਂ ਨੂੰ ਜਰਬਾਂ ਦੇਣ ਲਈ ਇੱਕਜੁੱਟ ਹੋ ਕੇ ਅਹਿਮ ਐਕਸ਼ਨ ਕਰਦੇ ਹੋਏ ਆਉਣ ਵਾਲੇ ਸਮੇਂ ’ਚ ਇਸ ਏਕਤਾ ਨੂੰ ਹੋਰ ਵਿਸ਼ਾਲ ਕਰਨ ਦਾ ਫੈ਼ਸਲਾ ਕੀਤਾ ਹੈ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਮਹਿੰਦਰ ਕੌੜਿਆਂ ਵਾਲੀ, ਗੁਰਵਿੰਦਰ ਖਹਿਰਾ, ਸ਼ਲਿੰਦਰ ਕੰਬੋਜ਼, ਬਲਕਾਰ ਮਘਾਣੀਆ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਮੰਗ ਕੀਤੀ ਕਿ ਸਮੂਹ ਨਵ ਨਿਯੁਕਤ ਮੁਲਾਜ਼ਮਾਂ ’ਤੇ ਬਾਕੀ ਮੁਲਾਜ਼ਮਾਂ ਵਾਂਗ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫ਼ੀਸਦੀ ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਤੈਅ ਕੀਤੀਆਂ ਜਾਣ।
ਆਗੂਆਂ ਨੇ ਅੱਗੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮਾਮਲੇ ’ਚ ਪੰਜਾਬ ਦੇ ਮੁਲਾਜ਼ਮ ਸਭ ਤੋਂ ਵੱਡੇ ਧੋਖੇ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਨੂੰ ਪੰਜਾਬ ਸਰਕਾਰ ਵੱਲੋਂ ਮੁੱਢੋਂ ਰੱਦ ਕੀਤਾ ਜਾਵੇ ਅਤੇ ਸਮੂਹ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤੀ ਜਾਵੇ।