- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਹਰਦਿਤਪੁਰਾ ਦੇ 12ਵੀਂ ਜਮਾਤ ਦੇ 19 ਸਾਲਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੇਹ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਰੱਖ ਕੇ ਧਰਨਾ ਲਗਾ ਦਿੱਤਾ।

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡ ਹਰਦਿਤਪੁਰਾ ਦੇ 12ਵੀਂ ਜਮਾਤ ਦੇ 19 ਸਾਲਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੇਹ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਰੱਖ ਕੇ ਧਰਨਾ ਲਗਾ ਦਿੱਤਾ।
ਪ੍ਰਦਰਸ਼ਨਕਾਰੀਆਂ ਨੇ ਹਾਈਵੇਅ ਦੀਆਂ ਦੋਵੇਂ ਸਾਈਡਾਂ ਦੀ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 11 ਸਤੰਬਰ ਨੂੰ ਸਹਿਜਪ੍ਰੀਤ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਭਵਾਨੀਗੜ੍ਹ ਲਿਆਂਦਾ ਗਿਆ, ਜਿੱਥੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਅਤੇ ਫਿਰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ। ਕੁਝ ਦਿਨ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ’ਤੇ ਪਰਿਵਾਰ ਉਸ ਨੂੰ ਘਰ ਲੈ ਆਇਆ। ਪਰਿਵਾਰ ਅਨੁਸਾਰ 15-16 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਸ ਦੀ ਤਬੀਅਤ ਮੁੜ ਵਿਗੜ ਗਈ, ਜਿਸ ’ਤੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਹਰਮਨ ਸਿੰਘ, ਕਰਨਵੀਰ ਸਿੰਘ ਅਤੇ ਉਨ੍ਹਾਂ ਦੇ ਕੁਝ ਸਾਥੀਆਂ ’ਤੇ ਸਹਿਜਪ੍ਰੀਤ ਨਾਲ ਕਥਿਤ ਨਿੱਜੀ ਰੰਜਿਸ਼ ਰੱਖਣ ਅਤੇ ਉਸ ਨੂੰ ਵਾਰ-ਵਾਰ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਉਕਤ ਵਿਅਕਤੀ ਕਥਿਤ ਤੌਰ ’ਤੇ ਸਹਿਜਪ੍ਰੀਤ ਨੂੰ ਜ਼ਹਿਰੀਲਾ ਪਦਾਰਥ ਖਾਣ ਲਈ ਉਕਸਾਉਂਦੇ ਸਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।
ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ: ਥਾਣਾ ਮੁਖੀ
ਭਵਾਨੀਗੜ੍ਹ ਦੇ ਥਾਣਾ ਮੁਖੀ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੌਤ ਤੋਂ ਪਹਿਲਾਂ ਸਹਿਜਪ੍ਰੀਤ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਹਰਮਨ ਸਿੰਘ ਅਤੇ ਕਰਨਵੀਰ ਸਿੰਘ ਵਾਸੀ ਹਰਦਿਤਪੁਰਾ, ਸ਼ੁਭੀ, ਸੁਖੀ ਅਤੇ ਸੋਨੂ ਵਾਸੀ ਭਵਾਨੀਗੜ੍ਹ, ਗਿਰੀ ਵਾਸੀ ਆਲੋਅਰਖ ਅਤੇ ਗੁਰਪ੍ਰੀਤ ਸਿੰਘ ਉਰਫ਼ ਮੋਨੂੰ ਵਾਸੀ ਮੱਟਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰਨ ਲਈ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਭਰੋਸੇ ਤੋਂ ਬਾਅਦ ਹਾਈਵੇਅ ਦਾ ਇੱਕ ਪਾਸਾ ਖੋਲ੍ਹਿਆ
ਉਧਰ, ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਹਾਈਵੇਅ ਦੀ ਇੱਕ ਸਾਈਡ ਆਵਾਜਾਈ ਲਈ ਖੋਲ੍ਹ ਦਿੱਤੀ। ਐੱਸਐੱਚਓ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਮਾਮਲੇ ਵਿੱਚ ਜੁਰਮ ਦੀਆਂ ਧਾਰਾਵਾਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਾਨੂੰਨੀ ਮਾਹਿਰਾਂ ਤੋਂ ਰਾਏ ਲਈ ਜਾ ਰਹੀ ਹੈ ਅਤੇ ਕਾਨੂੰਨੀ ਰਾਏ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।