- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ, ਇਸ ਲਈ ਭਾਜਪਾ ਨੇ ਉਨ੍ਹਾਂ ਦੇ ਪਿੱਛੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਲਾਇਆ ਹੋਇਆ ਹੈ। ਵਿਰੋਧੀ ਪਾਰਟੀਆਂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸੱਤਾ ’ਤੇ ਕਾਬਜ਼ ਹੋ ਕੇ ਸੂਬੇ ਨੂੰ ਲੁੱਟਣਾ ਚਾਹੁੰਦੀਆਂ ਹਨ।

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ, ਇਸ ਲਈ ਭਾਜਪਾ ਨੇ ਉਨ੍ਹਾਂ ਦੇ ਪਿੱਛੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਲਾਇਆ ਹੋਇਆ ਹੈ। ਵਿਰੋਧੀ ਪਾਰਟੀਆਂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸੱਤਾ ’ਤੇ ਕਾਬਜ਼ ਹੋ ਕੇ ਸੂਬੇ ਨੂੰ ਲੁੱਟਣਾ ਚਾਹੁੰਦੀਆਂ ਹਨ। ਸੀਐੱਮ ਮਾਨ ਸ਼ਨਿੱਚਰਵਾਰ ਨੂੰ ਹਲਕਾ ਲਹਿਰਾਗਾਗਾ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਮਾਨਦਾਰੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਉਨ੍ਹਾਂ ਦੀ ਤਾਕਤ ਹੈ। ਉਹ ਸੂਬੇ ਦੇ ਹੱਕਾਂ, ਲੋਕਾਂ ਦੇ ਸਨਮਾਨ ਅਤੇ ਅਗਲੀ ਪੀੜ੍ਹੀ ਦੇ ਬਿਹਤਰ ਭਵਿੱਖ ਲਈ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਦਲੇ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 70,680 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਵਿੱਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਆਸੀ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਮਿਲ ਰਿਹਾ ਹੈ। ਪਹਿਲਾਂ ਨੌਜਵਾਨਾਂ ਨੂੰ ਲੱਗਦਾ ਸੀ ਕਿ ਸਰਕਾਰੀ ਨੌਕਰੀ ਲੈਣ ਲਈ ਪੈਸੇ ਜਾਂ ਸਿਆਸੀ ਪਹੁੰਚ ਜ਼ਰੂਰੀ ਹੈ, ਪਰ ਸਰਕਾਰ ਇਸ ਸੋਚ ਨੂੰ ਬਦਲ ਰਹੀ ਹੈ। ਕਿਸੇ ਵੀ ਯੋਗ ਉਮੀਦਵਾਰ ਨੂੰ ਨੌਕਰੀ ਹਾਸਲ ਕਰਨ ਲਈ ਕਿਸੇ ਆਗੂ ਕੋਲ ਜਾਣ ਦੀ ਲੋੜ ਨਹੀਂ ਹੋਣੀ ਚਾਹੀਦੀ।
2026 ’ਚ ਸੂਬੇ ਦੇ 882 ਵਿਦਿਆਰਥੀਆਂ ਨੇ ਪਾਸ ਕੀਤੀ ਨੀਟ
ਮਾਨ ਨੇ ਕਿਹਾ ਕਿ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ। ਇਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਸੰਕੇਤ ਹੈ। ਸਰਕਾਰ ਚਾਹੁੰਦੀ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਨੇ ਪਿੰਡ ਬੱਲਰਾਂ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲੇਹਲ ਖੁਰਦ ਲਈ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਦੋਵਾਂ ਪਿੰਡਾਂ ਲਈ ਕੁੱਲ 60 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਗਿਆ।