- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਕਰਵਾਏ ਗਏ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਨਾ ਪੈਸਾ, ਨਾ ਸਿਫ਼ਾਰਸ਼’ ਦੇ ਸਿੱਧਾਂਤ ਤਹਿਤ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੀ ਆਪਣੇ ਆਪ ਵਿੱਚ ਸਭ ਤੋਂ ਵੱਡੀ ਜਿੱਤ ਹੈ। ਜਿਹੜੇ ਜਿੱਤਦੇ ਹਨ, ਉਨ੍ਹਾਂ ਨੂੰ ਨਿਮਰ ਰਹਿਣਾ ਚਾਹੀਦਾ ਹੈ ਅਤੇ ਜਿਹੜੇ ਹਾਰ ਜਾਂਦੇ ਹਨ, ਉਨ੍ਹਾਂ ਨੂੰ ਹੋਰ ਮਿਹਨਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ, ਪ੍ਰਤਿਭਾ ਅਤੇ ਸਿਰਜਣਾਤਮਕਤਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਤਾਕਤਾਂ ਵਿੱਚੋਂ ਹਨ। ਸੂਬੇ ਦਾ ਭਵਿੱਖ ਇਨ੍ਹਾਂ ਗੁਣਾਂ ਨੂੰ ਨਿਖਾਰਨ ਅਤੇ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਲਾਸਰੂਮਾਂ, ਕਿਤਾਬਾਂ ਅਤੇ ਪ੍ਰੀਖਿਆਵਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਅਸਲ ਸਿੱਖਿਆ ਦਾ ਮਕਸਦ ਆਤਮ-ਵਿਸ਼ਵਾਸ ਨਾਲ ਭਰਪੂਰ ਅਜਿਹੇ ਵਿਅਕਤੀਆਂ ਦਾ ਨਿਰਮਾਣ ਕਰਨਾ ਹੈ, ਜਿਨ੍ਹਾਂ ਵਿੱਚ ਸੁਤੰਤਰ ਸੋਚ, ਜ਼ਿੰਮੇਵਾਰੀ ਦੀ ਭਾਵਨਾ, ਆਪਣੇ ਸੱਭਿਆਚਾਰਕ ਵਿਰਸੇ ਪ੍ਰਤੀ ਸਤਿਕਾਰ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਹੌਸਲਾ ਹੋਵੇ।
ਉਨ੍ਹਾਂ ਫੈਸਟੀਵਲ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲੈਣ ’ਤੇ ਖ਼ੁਸ਼ੀ ਪ੍ਰਗਟਾਉਦਿਆਂ ਦੱਸਿਆ ਕਿ ਇਸ ਸਮਾਗਮ ਦੌਰਾਨ ਚਾਰ ਸਟੇਜਾਂ ’ਤੇ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸੱਭਿਆਚਾਰਕ ਅਤੇ ਸਾਹਿਤਕ ਮੁਕਾਬਲਿਆਂ ਰਾਹੀਂ ਆਪਣੀ ਕਲਾਤਮਕ ਯੋਗਤਾ, ਸਿਰਜਣਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ, ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਸਮਰੱਥਾ ਅਤੇ ਜੀਵੰਤਤਾ ਨੂੰ ਦਰਸਾਉਂਦਾ ਹੈ।
ਪੰਜਾਬੀ ਯੂਨੀਵਰਸਿਟੀ ਤੇ ਯੁਵਕ ਭਲਾਈ ਵਿਭਾਗ ਦੀ ਕੀਤੀ ਸ਼ਲਾਘਾ
ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਇਸ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਈ ਦਹਾਕਿਆਂ ਤੋਂ ਯੂਥ ਫੈਸਟੀਵਲਾਂ ਦੇ ਆਯੋਜਨ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਨਣ, ਉਨ੍ਹਾਂ ਨੂੰ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਹੌਸਲਾ-ਅਫ਼ਜ਼ਾਈ ਦੀ ਘਾਟ ਕਾਰਨ ਕੋਈ ਵੀ ਪ੍ਰਤਿਭਾ ਅਣਗੌਲੀ ਨਾ ਰਹਿ ਜਾਵੇ। ਉਨ੍ਹਾਂ ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀ ਤਿਆਰ ਕਰਨਾ ਨਹੀਂ, ਸਗੋਂ ਅਜਿਹੇ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਪੈਦਾ ਕਰਨਾ ਹੈ, ਜੋ ਸਮਾਜ ਦੀ ਤਰੱਕੀ ਵਿੱਚ ਅਰਥਪੂਰਨ ਯੋਗਦਾਨ ਪਾ ਸਕਣ।