- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੇ ਸਕੇਲ, ਮੈਡੀਕਲ ਭੱਤਾ ਅਤੇ ਹੋਰ ਵਿੱਤੀ ਲਾਭਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸਪੈਸ਼ਲ ਕੈਡਰ ਅਧਿਆਪਕ ਫਰੰਟ ਵੱਲੋਂ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੇ ਸਕੇਲ, ਮੈਡੀਕਲ ਭੱਤਾ ਅਤੇ ਹੋਰ ਵਿੱਤੀ ਲਾਭਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸਪੈਸ਼ਲ ਕੈਡਰ ਅਧਿਆਪਕ ਫਰੰਟ ਵੱਲੋਂ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅੱਗੇ ਵਧਦੇ ਸਮੇ ਕੱਚੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋ ਗਈ। ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ। ਪ੍ਰਸ਼ਾਸਨ ਨੇ ਉਨ੍ਹਾਂ ਨੂੰ 15 ਸਤੰਬਰ ਦੀ ਮੀਟਿੰਗ ਜੁਆਇੰਟ ਸੈਕਟਰੀ ਨਾਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਫਰੰਟ ਦੇ ਸੂਬਾ ਪ੍ਰਧਾਨ ਗੁਰਲਾਲ ਸਿੰਘ ਤੂਰ ਨੇ ਕਿਹਾ ਕਿ ਸਰਕਾਰ ਨੇ ਜੁਲਾਈ 2023 ਵਿੱਚ 12,710 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੱਕਾ ਕਰਨ ਦਾ ਦਾਅਵਾ ਕੀਤਾ ਸੀ। ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕ ਅਜੇ ਵੀ ਕੱਚੇ ਹੀ ਹਨ। ਉਨ੍ਹਾਂ ਨੂੰ ਤਬਾਦਲੇ ਦਾ ਮੌਕਾ ਨਹੀਂ ਦਿੱਤਾ ਗਿਆ ਅਤੇ ਉਹ ਘੱਟ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਹਨ। ਮਹਿੰਗਾਈ ਦੇ ਇਸ ਦੌਰ ਵਿੱਚ ਘੱਟ ਤਨਖ਼ਾਹ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਰਿਹਾ ਹੈ।
ਅਧਿਆਪਕਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਸਪੈਸ਼ਲ ਕੇਡਰ ਅਧਿਆਪਕਾਂ ਵੱਲੋਂ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ 'ਤੇ ਵਾਟਰ ਕੈਨਨ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਬਹੁਤ ਸਾਰੇ ਅਧਿਆਪਕ ਜ਼ਖ਼ਮੀ ਹੋ ਗਏ ਸਨ। ਦੁੱਖ ਦੀ ਗੱਲ ਹੈ ਕਿ ਹਾਲੇ ਤੱਕ ਇਨ੍ਹਾਂ ਅਧਿਆਪਕਾਂ ਨੂੰ ਕੋਈ ਮੈਡੀਕਲ ਭੱਤਾ, ਪੇ ਸਕੇਲ ਅਤੇ ਹੋਰ ਵਿੱਤੀ ਲਾਭ ਨਹੀਂ ਦਿੱਤੇ ਗਏ।
ਵਾਰ-ਵਾਰ ਅਣਦੇਖਾ ਕੀਤੇ ਜਾਣ ਕਾਰਨ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਮਜਬੂਰ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਗੁਰਦੀਪ ਕੌਰ, ਬਬੀਤਾ ਰਾਣੀ, ਪਰਮਜੀਤ ਕੌਰ, ਕਿਰਨਪਾਲ ਕੌਰ ਆਦਿ ਮੌਜੂਦ ਸਨ।
---
ਇਹ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਾਰੇ ਭੱਤੇ ਅਤੇ ਰੈਗੂਲਰ ਪੇ ਸਕੇਲ ਦੇ ਕੇ ਪੂਰੀ ਤਰ੍ਹਾਂ ਪੱਕਾ ਕੀਤਾ ਜਾਵੇ। ਪੇ ਸਕੇਲ ਲਾਗੂ ਕੀਤਾ ਜਾਵੇ। ਆਈਈਏਟੀ ਅਧਿਆਪਕਾਂ ਨੂੰ ਡੀ-ਗਰੁੱਪ ਵਿੱਚੋਂ ਕੱਢ ਕੇ ਸੀ-ਗਰੁੱਪ ਵਿੱਚ ਕੀਤਾ ਜਾਵੇ। ਸਰਵਿਸ ਰੂਲ ਲਾਗੂ ਕੀਤੇ ਜਾਣ। ਤਬਾਦਲੇ ਦਾ ਮੌਕਾ ਦਿੱਤਾ ਜਾਵੇ। ਸੇਵਾ ਮੁਕਤ ਹੋਣ ਸਮੇਂ ਬਣਦਾ ਮਾਣ-ਸਨਮਾਨ ਅਤੇ ਲਾਭ ਦਿੱਤੇ ਜਾਣ। ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਦਿੱਤਾ ਜਾਵੇ।