- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸ਼ਨੀਵਾਰ ਨੂੰ ਸਪੈਸ਼ਲ ਅਤੇ ਵੋਕੇਸ਼ਨਲ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਪੈਸ਼ਲ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਦੋਵਾਂ ਜਥੇਬੰਦੀਆਂ ਨੇ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸ਼ਨੀਵਾਰ ਨੂੰ ਸਪੈਸ਼ਲ ਅਤੇ ਵੋਕੇਸ਼ਨਲ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਪੈਸ਼ਲ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਦੋਵਾਂ ਜਥੇਬੰਦੀਆਂ ਨੇ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ।
ਸੇਵਾ ਸਮਾਪਤੀ ਦੇ ਨੋਟਿਸਾਂ ਵਿਰੁੱਧ 253 ਸਪੈਸ਼ਲ ਅਧਿਆਪਕ ਵੇਰਕਾ ਮਿਲਕ ਪਲਾਂਟ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਹੋਏ ਪਹੁੰਚੇ। ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ ਤਾਂ ਅੱਗੇ ਵਧਣ ਦੀ ਕੋਸ਼ਿਸ਼ ਦੌਰਾਨ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੋਸ਼ ਲਾਇਆ ਕਿ ਖਿੱਚ-ਧੂਹ ਦੌਰਾਨ ਕੁਝ ਮਹਿਲਾ ਅਧਿਆਪਕਾਂ ਦੇ ਦੁਪੱਟੇ ਉਤਰ ਗਏ ਅਤੇ ਕਈਆਂ ਨੂੰ ਝਰੀਟਾਂ ਆਈਆਂ। ਕੁਝ ਮਹਿਲਾ ਅਧਿਆਪਕਾਂ ਨੇ ਪੁਲਿਸ ’ਤੇ ਘਸੀਟਣ ਅਤੇ ਦੁਰਵਿਹਾਰ ਕਰਨ ਦੇ ਦੋਸ਼ ਵੀ ਲਾਏ। ਪੁਲਿਸ ਨੇ ਇੱਕ-ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਦੱਸਿਆ ਕਿ 253 ਅਧਿਆਪਕਾਂ ਨੂੰ 16 ਨਵੰਬਰ ਤੋਂ ਸੇਵਾਵਾਂ ਖ਼ਤਮ ਕਰਨ ਦੇ ਨੋਟਿਸ ਮਿਲੇ ਹਨ। ਉਨ੍ਹਾਂ ਦੀ ਮੰਗ ਹੈ ਕਿ ਅਧਿਆਪਕਾਂ ਨੂੰ ਹੋਰ ਥਾਵਾਂ ’ਤੇ ਐਡਜਸਟ ਕੀਤਾ ਜਾਵੇ। ਜਥੇਬੰਦੀ ਅਨੁਸਾਰ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ।
ਪ੍ਰਸ਼ਾਸਨ ਵੱਲੋਂ 15 ਨਵੰਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਮਿਲਣ ਪਿੱਛੋਂ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਮੀਟਿੰਗ ਵਿੱਚ ਹੱਲ ਨਾ ਨਿਕਲਿਆ ਤਾਂ 16 ਨਵੰਬਰ ਤੋਂ ਬਾਅਦ ਸੰਘਰਸ਼ ਤੇਜ਼ ਕੀਤਾ ਜਾਵੇਗਾ। ਅਧਿਆਪਕਾਂ ਨੇ ਖੂਨ ਨਾਲ ਲਿਖਿਆ ਮੰਗ ਪੱਤਰ ਵੀ ਸੌਂਪਿਆ।
ਇਸੇ ਦੌਰਾਨ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ’ਤੇ 3720 ਅਧਿਆਪਕਾਂ ਨੇ ਵੀ ਪ੍ਰਦਰਸ਼ਨ ਕੀਤਾ। ਫਰੰਟ ਨੇ ਦੱਸਿਆ ਕਿ ਅਧਿਆਪਕ ਪਿਛਲੇ 12 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਆਊਟਸੋਰਸਿੰਗ ਕੰਪਨੀਆਂ ਰਾਹੀਂ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਪੱਕੀ ਨੀਤੀ ਅਤੇ ਤਨਖ਼ਾਹ ਵਾਧੇ ਦੀ ਉਡੀਕ ਹੈ। ਅਧਿਆਪਕਾਂ ਨੇ ਨਿੱਜੀ ਕੰਪਨੀਆਂ ਨੂੰ ਹਟਾ ਕੇ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਅਤੇ ਤਨਖ਼ਾਹਾਂ ਵਧਾਉਣ ਦੀ ਮੰਗ ਕੀਤੀ। ਪ੍ਰਸ਼ਾਸਨ ਨੇ 17 ਨਵੰਬਰ ਨੂੰ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।