- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਦੀ ਭਰਤੀ ਲਈ ਬੀਏ ਵਿੱਚ 55 ਫ਼ੀਸਦ ਅੰਕਾਂ ਦੀ ਲਾਜ਼ਮੀ ਸ਼ਰਤ ਕਾਰਨ ਰੁਜ਼ਗਾਰ ਦੇ ਮੌਕਿਆਂ ਤੋਂ ਵਾਂਝੇ ਕੀਤੇ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਅਧਿਆਪਕਾਂ ਦੀ ਭਰਤੀ ਲਈ ਬੀਏ ਵਿੱਚ 55 ਫ਼ੀਸਦ ਅੰਕਾਂ ਦੀ ਲਾਜ਼ਮੀ ਸ਼ਰਤ ਕਾਰਨ ਰੁਜ਼ਗਾਰ ਦੇ ਮੌਕਿਆਂ ਤੋਂ ਵਾਂਝੇ ਕੀਤੇ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਬੀਏ ਵਿੱਚ 55 ਫ਼ੀਸਦ ਦੀ ਬੇਤੁੱਕੀ ਅਤੇ ਬੇਇਨਸਾਫ਼ੀ ਵਾਲੀ ਸ਼ਰਤ ਨੂੰ ਤੁਰੰਤ ਵਾਪਸ ਲਿਆ ਜਾਵੇ। ਜੱਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਨੇ ਕਿਹਾ ਕਿ ਸਰਕਾਰ ਵੱਲੋਂ ਲਾਈ ਗਈ 55ਪ੍ਰਤੀਸ਼ਤ ਦੀ ਸ਼ਰਤ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਸਾਲਾਂ ਤੋਂ ਅਧਿਆਪਕ ਬਣਨ ਲਈ ਮਿਹਨਤ ਕਰ ਰਹੇ ਹਨ, ਉਨ੍ਹਾਂ ਨੂੰ ਸਿਰਫ਼ ਇੱਕ ਪ੍ਰਤੀਸ਼ਤ ਦੀ ਸ਼ਰਤ ਦੇ ਆਧਾਰ ’ਤੇ ਭਰਤੀ ਪ੍ਰਕਿਰਿਆ ਤੋਂ ਬਾਹਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਆਗੂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਨਵੀਆਂ-ਨਵੀਆਂ ਸ਼ਰਤਾਂ ਲਗਾ ਕੇ ਪਹਿਲਾਂ ਤੋਂ ਯੋਗ ਨੌਜਵਾਨਾਂ ਲਈ ਰੁਜ਼ਗਾਰ ਦੇ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦਾ ਮਕਸਦ ਬੇਰੁਜ਼ਗਾਰੀ ਖ਼ਤਮ ਕਰਨਾ ਹੈ ਤਾਂ ਫਿਰ 55 ਫੀਸਦੀ ਵਰਗੀ ਸ਼ਰਤ ਲਗਾ ਕੇ ਹਜ਼ਾਰਾਂ ਉਮੀਦਵਾਰਾਂ ਨੂੰ ਮੌਕਾ ਦੇਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?
ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਆਪਣਾ ਹੱਕ ਲੈਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਜਦੋਂ ਤੱਕ 55 ਪ੍ਰਤੀਸਤ ਦੀ ਸ਼ਰਤ ਨੂੰ ਰੱਦ ਨਹੀਂ ਕੀਤਾ ਜਾਂਦਾ, ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਉਹਨਾਂ 55 ਪ੍ਰਤੀਸ਼ਤ ਦੀ ਸ਼ਰਤ ਰੱਦ ਕਰਕੇ ਮਾਸਟਰ ਕੇਡਰ ਦੀ ਵੱਡੀ ਭਰਤੀ ਨਹੀਂ ਦਿੱਤੀ ਤਾਂ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਹਰਵਿੰਦਰ ਸਿੰਘ, ਗੁਰਮੁੱਖ ਸਿੰਘ, ਸੱਤਪਾਲ ਸਿੰਘ, ਮਨਜੋਤ ਸਿੰਘ, ਦਰਸ਼ਨ ਸਿੰਘ, ਜੋਨੀ ਭਿੱਖੀ, ਨਵਜੋਤ ਸਿੰਘ, ਮਨਜੀਤ ਕੌਰ, ਰਾਜਵੀਰ ਕੌਰ, ਛਿੰਦਰਪਾਲ ਕੌਰ, ਗੁਰਪ੍ਰੀਤ ਗਾਜ਼ੀਪੁਰ ਆਦਿ ਹਾਜ਼ਿਰ ਸਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਅਜਿਹੇ ਸਮੇਂ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਬਜਾਏ ਯੋਗਤਾ ਦੀਆਂ ਅਜਿਹੀਆਂ ਸ਼ਰਤਾਂ ਲਗਾਉਣਾ ਸਰਕਾਰ ਦੀ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।