- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਬਾਲੀਆਂ ਵਿਖੇ ਲੋਕ ਮਿਲਣੀ ਦੌਰਾਨ ਕਿਹਾ ਕਿ 1 ਅਕਤੂਬਰ ਨੂੰ ਮਹਿਲਾਵਾਂ ਦੇ ਮੋਬਾਈਲਾਂ ’ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਮੁੜ ਵੱਜੇਗੀ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮਿਲੇਗਾ।

ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਬਾਲੀਆਂ ਵਿਖੇ ਲੋਕ ਮਿਲਣੀ ਦੌਰਾਨ ਕਿਹਾ ਕਿ 1 ਅਕਤੂਬਰ ਨੂੰ ਮਹਿਲਾਵਾਂ ਦੇ ਮੋਬਾਈਲਾਂ ’ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਮੁੜ ਵੱਜੇਗੀ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਦਲਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦਿੱਤੇ ਜਾ ਰਹੇ ਹਨ, ਜੋ ਪਹਿਲਾਂ ਕੀਤੇ 1000 ਰੁਪਏ ਦੇ ਵਾਅਦੇ ਨਾਲੋਂ 500 ਰੁਪਏ ਵੱਧ ਹਨ।
ਮਾਨ ਨੇ ਕਿਹਾ ਕਿ ਸਰਕਾਰ ਮਹਿਲਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਆਮ ਪਰਿਵਾਰਾਂ ਨੂੰ ਸਿੱਧੇ ਲਾਭ ਦੇਣ ਦੇ ਨਾਲ ਵਿਕਾਸ ਕਾਰਜਾਂ ’ਤੇ ਵੀ ਧਿਆਨ ਦੇ ਰਹੀ ਹੈ। ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਹੈ। ਸਰਕਾਰੀ ਪੈਸਾ ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ’ਤੇ ਖਰਚਿਆ ਜਾ ਰਿਹਾ ਹੈ।
ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਮੌਤਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਯਾਦ ਰੱਖਦੇ ਹਨ ਅਤੇ ਸਿਆਸਤ ਸਕੂਲਾਂ, ਹਸਪਤਾਲਾਂ, ਰੁਜ਼ਗਾਰ, ਬਿਜਲੀ, ਸਿੰਚਾਈ, ਸੜਕਾਂ ਤੇ ਨੌਜਵਾਨਾਂ ਲਈ ਮੌਕਿਆਂ ਵਰਗੇ ਮੁੱਦਿਆਂ ’ਤੇ ਹੋਣੀ ਚਾਹੀਦੀ ਹੈ। ਸਰਕਾਰ ਵੱਲੋਂ ਕਰੀਬ 71 ਹਜ਼ਾਰ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਦੇਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਭਰਤੀ ਵਿਚ ਰਿਸ਼ਵਤਖੋਰੀ ਨਹੀਂ ਹੋਈ।
ਪਾਣੀ ਦੇ ਮੁੱਦੇ ’ਤੇ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਨਹਿਰੀ ਸਿੰਚਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਕਰੀਬ 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧ ਕੇ 88 ਫ਼ੀਸਦੀ ਹੋਈ ਹੈ। ਕਈ ਖੇਤਰਾਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਇਕ ਤੋਂ ਪੰਜ ਮੀਟਰ ਤੱਕ ਸੁਧਰਨ ਦਾ ਵੀ ਉਨ੍ਹਾਂ ਦਾਅਵਾ ਕੀਤਾ।
ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈਆਈਐੱਮ ਵਰਗੀਆਂ ਸੰਸਥਾਵਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ‘ਸਕੂਲਜ਼ ਆਫ਼ ਐਮੀਨੈਂਸ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 2026 ਦੇ ਨੀਟ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ, ਜਦਕਿ 2021 ਵਿਚ ਇਹ ਗਿਣਤੀ ਕਰੀਬ 80 ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਦੂਰ ਰੱਖਣਾ ਅਤੇ ਹਮੇਸ਼ਾ ਅੱਗੇ ਵਧਣ ਦੇ ਮੌਕੇ ਦੇਣਾ ਹੈ।