- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਮਕਾਨ ਦੀ ਛੱਤ ’ਤੇ ਕਾਲਾ ਝੰਡਾ ਦਿਖਾਉਣ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਮੋਹਨਜੀਤ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਮਕਾਨ ਦੀ ਛੱਤ ’ਤੇ ਕਾਲਾ ਝੰਡਾ ਦਿਖਾਉਣ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਮੋਹਨਜੀਤ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ ਗਿਆ। ਪਰਿਵਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਨੌਜਵਾਨ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਪੀੜਤ ਦਾ ਡਾਕਟਰਾਂ ਦਾ ਬੋਰਡ ਗਠਿਤ ਕਰਕੇ ਮੈਡੀਕਲ ਕਰਵਾਇਆ ਜਾਵੇ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਕਥਿਤ ਤੌਰ ’ਤੇ ਤਸ਼ੱਦਦ ਕਰਨ ਵਾਲੇ ਡੀਐਸਪੀ ਅਤੇ ਐਸਐਚਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਪੀੜਤ ਮੋਹਨਜੀਤ ਸਿੰਘ ਸ਼ੇਰੋਂ ਦੇ ਚਾਚਾ ਮਾਸਟਰ ਬਲਦੇਵ ਸਿੰਘ ਸ਼ੇਰੋਂ ਨੇ ਦੱਸਿਆ ਕਿ ਮੋਹਨਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਸੋਸ਼ਲ ਮੀਡੀਆ ਰਾਹੀਂ ਨਸ਼ਿਆਂ ਵਿਰੁੱਧ ਪ੍ਰਚਾਰ ਕਰਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਸ਼ੇਰੋਂ ਇਲਾਕੇ ਵਿੱਚ ਹੀ ਨਸ਼ਾ ਕਥਿਤ ਤੌਰ ’ਤੇ ਜ਼ੋਰਾਂ-ਸ਼ੋਰਾਂ ਨਾਲ ਵਿਕ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਦਾ ਪਿੰਡ ਵਿੱਚ ਲੋਕ ਮਿਲਣੀ ਸਮਾਗਮ ਸੀ। ਇਸ ਦੌਰਾਨ ਮੋਹਨਜੀਤ ਸਿੰਘ ਨੇ ਮੁੱਖ ਮੰਤਰੀ ਦੇ ਸਾਹਮਣੇ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਸਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਮੌਕਾ ਨਹੀਂ ਦਿੱਤਾ ਗਿਆ। ਇਸ ਕਾਰਨ ਉਹ ਇੱਕ ਮਕਾਨ ਦੀ ਛੱਤ ’ਤੇ ਚੜ੍ਹ ਗਿਆ ਅਤੇ ਕਾਲਾ ਝੰਡਾ ਲਹਿਰਾ ਕੇ ਆਪਣਾ ਵਿਰੋਧ ਦਰਜ ਕਰਵਾਉਣ ਲੱਗਾ।
ਜਿਵੇਂ ਹੀ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਡੀਐਸਪੀ ਸੁਨਾਮ ਅਤੇ ਐਸਐਚਓ ਚੀਮਾ ਪੁਲਿਸ ਬਲ ਸਮੇਤ ਮਕਾਨ ਦੀ ਛੱਤ ’ਤੇ ਪਹੁੰਚੇ ਅਤੇ ਮੋਹਨਜੀਤ ਸਿੰਘ ਅਤੇ ਉਸਦੀ ਵੀਡੀਓ ਬਣਾ ਰਹੇ ਉਸਦੇ ਸਾਥੀ ਨੂੰ ਕਾਬੂ ਕਰ ਲਿਆ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਦੋਵਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ।
ਮੋਹਨਜੀਤ ਸਿੰਘ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਲੈ ਕੇ ਪਹੁੰਚੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ-2 ਦਾਮਨ ਬਾਜਵਾ, ਹਰਮਨਦੇਵ ਬਾਜਵਾ, ਕਾਂਗਰਸੀ ਆਗੂ ਰਾਜਿੰਦਰ ਦੀਪਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਸਤਨਾਮ ਸਿੰਘ ਰੱਤੋਕੇ, ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਅਤੇ ਵਕੀਲ ਮਨਪ੍ਰੀਤ ਸਿੰਘ ਨਮੋਲ ਨੇ ਦੋਸ਼ ਲਾਇਆ ਕਿ ਪੁਲਿਸ ਹਿਰਾਸਤ ਦੌਰਾਨ ਮੋਹਨਜੀਤ ਸਿੰਘ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਸੁਨਾਮ ਹਸਪਤਾਲ ਵਿੱਚ ਮੋਹਨਜੀਤ ਸਿੰਘ ਦਾ ਮੈਡੀਕਲ ਕਰਵਾਉਣ ਦੇ ਨਾਂ ’ਤੇ ਸਿਰਫ਼ ਖਾਨਾਪੂਰਤੀ ਕੀਤੀ ਗਈ। ਇਸੇ ਕਾਰਨ ਉਹ ਉਸਨੂੰ ਸਿਵਲ ਹਸਪਤਾਲ ਸੰਗਰੂਰ ਲੈ ਕੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਦਾ ਬੋਰਡ ਗਠਿਤ ਕਰਕੇ ਪੀੜਤ ਦਾ ਮੈਡੀਕਲ ਕਰਵਾਇਆ ਜਾਵੇ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਡੀਐਸਪੀ ਅਤੇ ਐਸਐਚਓ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਪੀੜਤ ਨੂੰ ਡਰਾਇਆ-ਧਮਕਾਇਆ ਗਿਆ ਜਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਸਮੂਹ ਸਿਆਸੀ ਦਲ ਇਕੱਠੇ ਹੋ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।