- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਸੇਵਕਾਂ ਨੇ ਨਗਰ ਕੌਂਸਲ ਦਫਤਰ ਅੱਗੇ ਲਾਇਆ ਧਰਨਾ

ਹੜਤਾਲ ਕਰਨ ਦਾ ਫ਼ੈਸਲਾ ਲਿਆ ਵਾਪਸ
ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਤੈਅ ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਈਓ ਅਤੇ ਪ੍ਰਧਾਨ ਨਾਲ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਗੱਲਬਾਤ ਹੋਈ। ਉਨ੍ਹਾਂ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਯੂਨੀਅਨ ਨੇ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ।
ਜ਼ਿਕਰਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਵਿੱਚ ਐਲਾਨ ਕੀਤਾ ਗਿਆ ਸੀ ਕਿ ਮੰਗਾਂ ਦੀ ਪ੍ਰਾਪਤੀ ਲਈ ਯੂਨੀਅਨ ਵੱਲੋਂ 13 ਅਕਤੂਬਰ ਤੋਂ ਮੁਕੰਮਲ ਕੰਮ ਛੱਡ ਕੇ ਹੜਤਾਲ ਕੀਤੀ ਜਾਵੇਗੀ। ਪਰ ਅੱਜ ਭਰੋਸਾ ਮਿਲਣ ਤੋਂ ਬਾਅਦ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ। ਇਸ ਸਬੰਧੀ ਯੂਨੀਅਨ ਦੇ ਲੋਕਲ ਜ਼ਿਲ੍ਹਾ ਚੇਅਰਮੈਨ ਭਰਤ ਬੇਦੀ, ਸੰਗਰੂਰ ਪ੍ਰਧਾਨ ਅਜੈ ਬੇਦੀ, ਜਨਰਲ ਸਕੱਤਰ ਰਮੇਸ਼ ਕੁਮਾਰ, ਦਫ਼ਤਰੀ ਸਕੱਤਰ ਰਾਮ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਣੀ ਸੀ, ਪਰ ਨਗਰ ਕੌਂਸਲ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਈਓ ਅਤੇ ਪ੍ਰਧਾਨ ਵੱਲੋਂ ਮੰਗਾਂ ਸਬੰਧੀ ਮਤਾ ਪਾਸ ਕਰਨ ਅਤੇ ਜਲਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਰਾਤੇ, ਰਾਮਲੀਲ੍ਹਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਲੋਕਾਂ ਨਾਲ ਨਹੀਂ, ਸਗੋਂ ਪ੍ਰਸ਼ਾਸਨ ਨਾਲ ਹੈ। ਹੜਤਾਲ ਹੋਣ ਕਾਰਨ ਥਾਂ-ਥਾਂ ਗੰਦਗੀ ਫੈਲਣ ਦਾ ਖ਼ਦਸ਼ਾ ਹੈ, ਜਿਸ ਨਾਲ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲ ਸਕਦੀਆਂ ਹਨ। ਇਸ ਨਾਲ ਆਮ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਸੇ ਕਰਕੇ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮੁੜ ਨਗਰ ਕੌਂਸਲ ਦਾ ਦਫ਼ਤਰ ਬੰਦ ਕਰਵਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੰਮਕਾਜ ਠੱਪ ਕੀਤਾ ਜਾਵੇਗਾ।
ਘੱਟ ਤਨਖਾਹ ਨਾਲ ਨਹੀਂ ਹੋ ਰਿਹਾ ਗੁਜ਼ਾਰਾ : ਮੁਲਾਜ਼ਮ
ਯੂਨੀਅਨ ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਕਿਹਾ ਕਿ ਘਰ ਦਾ ਖ਼ਰਚ ਚਲਾਉਣ ਲਈ ਉਨ੍ਹਾਂ ਨੂੰ ਹੋਰ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਵੀ ਨਹੀਂ ਮਿਲ ਰਹੀ, ਜਿਸ ਕਾਰਨ ਉਹ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੇ ਹਨ। ਬੱਚਿਆਂ ਦੀਆਂ ਸਕੂਲ ਵਰਦੀਆਂ, ਫ਼ੀਸਾਂ ਅਤੇ ਘਰ ਦੇ ਰਾਸ਼ਨ ਸਮੇਤ ਹਰ ਚੀਜ਼ ਦਾ ਬਜਟ ਵਿਗੜ ਰਿਹਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੜਤਾਲ ਨੂੰ ਹੋਰ ਵਧਾਇਆ ਜਾ ਸਕਦਾ ਹੈ।