ਗੁਰਮਤਿ ਮੁਕਾਬਲਿਆਂ ’ਚ ਸੰਤ ਅਤਰ ਸਿੰਘ ਅਕਾਲ ਅਕੈਡਮੀ ਜੇਤੂ ਗੁਰਮਤਿ ਮੁਕਾਬਲਿਆਂ ’ਚ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੀ ਸ਼ਾਨਦਾਰ ਜਿੱਤ
Publish Date: Thu, 19 Nov 2026 04:13 PM (IST)
Updated Date: Thu, 19 Nov 2026 04:15 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਚੰਡੀਗੜ੍ਹ ਦੀ ਸਤਨਾਮ ਸਰਬ ਕਲਿਆਣ ਟਰੱਸਟ ਵੱਲੋਂ ਗੁਰਦੁਆਰਾ ਸਾਹਿਬ ਚੀਮਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿੱਚ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪਹਿਲੇ ਸਥਾਨ ਹਾਸਲ ਕੀਤੇ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਨੇ ਰਨਿੰਗ ਟਰਾਫੀ ਦੂਜੀ ਵਾਰ ਜਿੱਤ ਕੇ ਆਪਣੀ ਜਿੱਤ ਕਾਇਮ ਰੱਖੀ। ਗੁਰਬਾਣੀ ਕੰਠ ਮੁਕਾਬਲੇ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਗੁਰਮੀਨਾਜ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦਸਤਾਰ ਮੁਕਾਬਲੇ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਦੁਮਾਲਾ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਗਤਕਾ, ਜੂਨੀਅਰ ਕਵੀਸ਼ਰੀ, ਜੂਨੀਅਰ ਸ਼ਬਦ ਗਾਇਨ ਅਤੇ ਸੀਨੀਅਰ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਵੀ ਅਕੈਡਮੀ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਮਨਪ੍ਰੀਤ ਕੌਰ, ਕੁਲਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਦੀ ਯੋਗ ਰਹਿਨੁਮਾਈ, ਲਗਨ ਅਤੇ ਅਣਥੱਕ ਯਤਨਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਜੀ ਦੇ ਯੋਗ ਮਾਰਗਦਰਸ਼ਨ, ਪ੍ਰੇਰਨਾ ਅਤੇ ਸਹਿਯੋਗ, ਦੂਰਦਰਸ਼ੀ ਸੋਚ ਅਤੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਦਿੱਤੀ ਜਾਂਦੀ ਪ੍ਰੇਰਨਾ ਸਦਕਾ ਅਕੈਡਮੀ ਨਿਰੰਤਰ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰ ਰਹੀ ਹੈ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੁੱਚੇ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।