- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਬੇਰੁਜ਼ਗਾਰ ਪਹਿਲਾਂ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਅਤੇ ਦੁਪਹਿਰ ਕਰੀਬ ਇਕ ਵਜੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ। ਕੋਠੀ ਨੇੜੇ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਕਈ ਵਾਰ ਧੱਕਾ-ਮੁੱਕੀ ਹੋਈ।

ਜਸਵੀਰ ਸਿੰਘ\ਬਲਜਿੰਦਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ: ਗਾਂਧੀ ਜੈਅੰਤੀ ਮੌਕੇ ਰੁਜ਼ਗਾਰ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਸਪੈਸ਼ਲ ਕਾਡਰ ਅਧਿਆਪਕਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ। ਬੇਰੁਜ਼ਗਾਰਾਂ ਦੇ ਪ੍ਰਦਰਸ਼ਨ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਧੱਕਾ-ਮੁੱਕੀ ਦੌਰਾਨ ਕੁਝ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਨੇਮ ਪਲੇਟਾਂ ਟੁੱਟ ਗਈਆਂ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਬੇਰੁਜ਼ਗਾਰ ਪਹਿਲਾਂ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਅਤੇ ਦੁਪਹਿਰ ਕਰੀਬ ਇਕ ਵਜੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ। ਕੋਠੀ ਨੇੜੇ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਕਈ ਵਾਰ ਧੱਕਾ-ਮੁੱਕੀ ਹੋਈ। ਬੇਰੁਜ਼ਗਾਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿੱਧੀ ਮੀਟਿੰਗ ਦੀ ਮੰਗ ਕਰ ਰਹੇ ਸਨ। ਉਨ੍ਹਾਂ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਨਵੀਆਂ ਭਰਤੀਆਂ, ਉਮਰ ਹੱਦ ’ਚ ਛੋਟ ਅਤੇ 55 ਫ਼ੀਸਦੀ ਵਾਲੀ ਸ਼ਰਤ ਖ਼ਤਮ ਕਰਨ ਦੀ ਮੰਗ ਰੱਖੀ।
ਇਸ ਦੌਰਾਨ ਫ਼ਾਜ਼ਿਲਕਾ ਦੇ ਪਿੰਡ ਖੁਰਾਣਾ ਵਾਸੀ ਮੁਨੀਸ਼ ਕੁਮਾਰ ਮੁੱਖ ਮੰਤਰੀ ਦੀ ਕੋਠੀ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਬੇਰੁਜ਼ਗਾਰਾਂ ਨੇ ਆਪਣਾ ਧਰਨਾ ਟੈਂਕੀ ਨੇੜੇ ਤਬਦੀਲ ਕਰ ਦਿੱਤਾ। ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨਾਲ ਮੀਟਿੰਗ 6 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿੱਖਿਆ, ਪਰਸੋਨਲ ਅਤੇ ਸਿਹਤ ਸਕੱਤਰਾਂ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਮੁਨੀਸ਼ ਕੁਮਾਰ ਨੂੰ ਦੇਰ ਸ਼ਾਮ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ ਅਤੇ ਧਰਨਾ ਸਮਾਪਤ ਹੋ ਗਿਆ।
ਉਧਰ, ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਆਗੂਆਂ ਦੀ ਅਗਵਾਈ ਹੇਠ ਅਧਿਆਪਕ ਬਠਿੰਡਾ-ਚੰਡੀਗੜ੍ਹ ਪੁਲ ਹੇਠ ਇਕੱਠੇ ਹੋਏ ਅਤੇ ਕਾਫ਼ਲੇ ਦੇ ਰੂਪ ਵਿੱਚ ਸੀਐੱਮ ਨਿਵਾਸ ਵੱਲ ਵਧੇ। ਉੱਥੇ ਪੁਲਿਸ ਨਾਲ ਧੱਕਾ-ਮੁੱਕੀ ਹੋਈ। ਫਰੰਟ ਆਗੂਆਂ ਵੀਰਪਾਲ ਕੌਰ ਸਿਧਾਣਾ, ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ ਤੂਰ ਅਤੇ ਅਨੁਭਵ ਗੁਪਤਾ ਨੇ ਕਿਹਾ ਕਿ ਸਰਕਾਰ ਨੇ ਜੁਲਾਈ 2023 ਵਿੱਚ 12,710 ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਨਵੇਂ ਸਿਰੇ ਤੋਂ ਜੁਆਇਨ ਵੀ ਕਰਵਾਇਆ ਗਿਆ, ਪਰ ਅਧਿਆਪਕ ਅਜੇ ਵੀ ਕੱਚੇ ਹਨ। ਉਨ੍ਹਾਂ ਕਿਹਾ ਕਿ ਤਨਖ਼ਾਹ ਵਾਧੇ ਅਤੇ ਪੰਜ ਫ਼ੀਸਦੀ ਸਾਲਾਨਾ ਇੰਕਰੀਮੈਂਟ ਤੋਂ ਇਲਾਵਾ ਡੀਏ, ਮੈਡੀਕਲ ਸਹੂਲਤਾਂ, ਸਰਵਿਸ ਰੂਲ ਅਤੇ ਹੋਰ ਰੈਗੂਲਰ ਮੁਲਾਜ਼ਮਾਂ ਵਾਲੇ ਲਾਭ ਨਹੀਂ ਦਿੱਤੇ ਜਾ ਰਹੇ।
ਆਈਈਏਟੀ ਆਗੂ ਗੁਰਲਾਲ ਸਿੰਘ ਤੂਰ ਨੇ ਲਗਭਗ 1,000 ਆਈਈਏਟੀ ਕਾਡਰ ਮੁਲਾਜ਼ਮਾਂ ਨੂੰ ਡੀ ਗਰੁੱਪ ਤੋਂ ਸੀ ਗਰੁੱਪ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ।