ਕਲੱਸਟਰ ਤੇ ਨੋਟਲ ਅਫ਼ਸਰ ਪਰਾਲੀ ਸਾੜਨ ਤੋਂ ਰੋਕਣ ਲਈ ਰੱਖਣ ਨਿਗਰਾਨੀ ਤੇ ਕਿਸਾਨਾਂ ਨਾਲ ਰਾਬਤਾ : ਐੱਸਡੀਐੱਮ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਐਸਡੀਐਮ ਕਨੂ ਗਰਗ ਵੱਲੋਂ ਪਿੰਡਾਂ ਦਾ ਦੌਰਾ
Publish Date: Thu, 29 Oct 2026 05:55 PM (IST)
Updated Date: Thu, 29 Oct 2026 05:58 PM (IST)
ਪਿੰਡ ਨੌਧਰਾਣੀ ਅਤੇ ਰਟੋਲਾਂ ਵਿਖੇ ਕਰ ਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਵੱਲੋਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਸਮੇਤ ਪਿੰਡ ਨੌਧਰਾਣੀ ਅਤੇ ਰਟੋਲਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਕਨੂ ਗਰਗ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡੀਐੱਸਪੀ. ਡਾ. ਮਨਵਜੀਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਨਾਲ ਪੂਰਨ ਤਾਲਮੇਲ ਬਣਾਈ ਰੱਖਦਿਆਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ। ਐਸਡੀਐਮ ਨੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲਗਾਤਾਰ ਨਿਗਰਾਨੀ ਰੱਖਣ ਅਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਮਾਲੇਰਕੋਟਲਾ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਇਆ ਜਾ ਸਕਦਾ ਹੈ।