- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਸੀਨੀਅਰ ਆਗੂ ਪੁੱਜੇ ਗੁਲਜਾਰ ਦੇ ਘਰ, ਕੀਤਾ ਦੁੱਖ ਸਾਂਝਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਗਈ ਖੁਦਕਸ਼ੀ ਦੇ ਸਬੰਧ ਦੇ ਵਿੱਚ ਪਿੰਡ ਸਿਆਸੀ ਲੀਡਰਾਂ ਦੇ ਆਉਣ ਕਰਕੇ ਸਿਆਸੀ ਅਖਾੜਾ ਬਣਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸਿਰ ਕੱਢ ਨੇਤਾ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੇ। ਜਿਨ੍ਹਾਂ ਵਿੱਚ ਭਾਜਪਾ ਸੂਬਾ ਕਾਰਜਕਾਰਨੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਗਰੀਬ ਪਰਿਵਾਰ ਦੇ ਨਾਲ ਹਮੇਸ਼ਾ ਹੀ ਖੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਇਹ ਕਿ ਇਹ ਪੰਜਾਬ ਦੇ ਵਿੱਚ ਸਭ ਤੋਂ ਵੱਡੀ ਘਟਨਾ ਹੋਈ ਹੈ ਜਿਹੜੀ ਕਿ ਨਸ਼ੇ ਦੇ ਖ਼ਿਲਾਫ਼ ਸਵਾਲ ਪੁੱਛਣ ਉੱਤੇ ਇੱਕ ਗਰੀਬ ਪਰਿਵਾਰ ਦੇ ਮੋਢੀ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਬੇਸ਼ੱਕ ਉਨ੍ਹਾਂ ਨੇ ਪਰਚਾ ਦਰਜ ਕਰਕੇ ਕੁਝ ਪਿੰਡ ਦੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਨ੍ਹਾਂ ਮੰਗ ਕੀਤੀ ਕਿ ਇਸ ਦੇ ਮੁੱਖ ਦੋਸ਼ੀ ਮੰਨੇ ਜਾ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੀ ਐਫਆਈਆਰ ਦੇ ਵਿੱਚ ਨਾ ਦਰਜ ਹੋਣਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕਾਰਵਾਈ ਕਰਕੇ ਉਸਦਾ ਅਸਤੀਫਾ ਲਿਆ ਜਾਵੇ ਅਤੇ ਉਸਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪਰਿਵਾਰ ਨਾਲ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਧੱਕਾ ਕੀਤਾ ਹੈ। ਸਸਕਾਰ ਕਰਨ ਸਮੇਂ ਵੀ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ ਨਾ ਹੀ ਸਸਕਾਰ ਸਮੇਂ ਸਮਾਜਕ ਰਸਮਾਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਕੌਮੀ ਪੱਧਰ ਤੇ ਉਛਾਲਿਆ ਜਾਵੇਗਾ ਤੇ ਜਦੋਂ ਤੱਕ ਪਰਿਵਾਰ ਦੇ ਕਹਿਣ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ ਉਨ੍ਹਾਂ ਦੀ ਪਾਰਟੀ ਚੈਨ ਨਾਲ ਨਹੀਂ ਬੈਠੇਗੀ ਤੇ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਸਿੱਟਾ ਨਿਕਲਦਾ ਹੈ ਕਿ ਪੁਲਿਸ ਵੱਲੋਂ ਅਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਨੂੰ ਹੁਣ ਵੀ ਜਾਨ ਦਾ ਖਤਰਾ ਹੈ ਉਹ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ।