
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚਿਤਾਵਨੀ

ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ’ਤੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਨੁਮਾਇੰਦੇ ਆਪਣੀਆਂ ਮੰਗਾਂ ਸਬੰਧੀ ਕਿਰਤ ਵਿਭਾਗ, ਫੇਸ-10 ਮੋਹਾਲੀ ਵਿਖੇ ਪੇਸ਼ ਹੋਏ।
ਯੂਨੀਅਨ ਦੇ ਸੂਬਾਈ ਆਗੂ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਵਿਭਾਗ ਨੂੰ ਪਹਿਲਾਂ ਵੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ, ਪਰ ਹੁਣ ਤੱਕ ਉਸ ’ਤੇ ਕੋਈ ਠੋਸ ਅਤੇ ਤਸੱਲੀਬਖ਼ਸ਼ ਕਾਰਵਾਈ ਨਹੀਂ ਹੋਈ। ਇਸ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਵਿੱਚ ਸਰਕਾਰ ਅਤੇ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਵੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਨ੍ਹਾਂ ਮੀਟਿੰਗਾਂ ਦਾ ਅਜੇ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਆਗੂਆਂ ਨੇ ਦੋਸ਼ ਲਾਇਆ ਕਿ ਮੰਗਾਂ ਨੂੰ ਲੈ ਕੇ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਸ਼ੋਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਗ ਪੱਤਰ ’ਤੇ ਤੁਰੰਤ ਕਾਰਵਾਈ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 15 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਮੋਹਾਲੀ ਦੇ ਫੇਸ-10 ਸਥਿਤ ਕਿਰਤੀ ਭਵਨ ਵਿਖੇ ਵੱਡੇ ਪੱਧਰ ’ਤੇ ਰੋਸ ਮਾਰਚ ਕੱਢਿਆ ਜਾਵੇਗਾ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਦੀ ਸੂਰਤ ਵਿੱਚ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਕਿਰਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ, ਤਾਂ ਜੋ ਸੰਘਰਸ਼ ਦੀ ਨੌਬਤ ਨਾ ਆਵੇ।