- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਲਈ ਸਮਾਂ ਨਾ ਦੇਣ ’ਤੇ ਸੇਵਾ ਕੇਂਦਰ ਮੁਲਾਜ਼ਮਾਂ ’ਚ ਸਰਕਾਰ ਖ਼ਿਲਾਫ਼ ਰੋਸ

ਰਹਿਮਾਨ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਅਤੇ ਗੱਲਬਾਤ ਲਈ ਮੀਟਿੰਗ ਦਾ ਸਮਾਂ ਨਾ ਦੇਣ ਕਾਰਨ ਮੁਲਾਜ਼ਮਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰ ਦੀ ਇਸ ਕਥਿਤ ਬੇਰੁਖ਼ੀ ਦੇ ਵਿਰੋਧ ਵਿੱਚ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ 22 ਨਵੰਬਰ ਨੂੰ ਸੂਬੇ ਭਰ ਦੇ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਵਿਸ਼ਾਲ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਵਾਈਸ ਪ੍ਰਧਾਨ ਮੋਹਿਨੀ ਸ਼ਰਮਾ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਮੇਤ ਕੋਰ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ। ਇਨ੍ਹਾਂ ਮੰਗ ਪੱਤਰਾਂ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗੀ ਮੰਤਰੀ ਅਮਨ ਅਰੋੜਾ ਨਾਲ ਯੂਨੀਅਨ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਸੀ। ਪਰ ਆਗੂਆਂ ਅਨੁਸਾਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਚੁੱਕਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ, ਨੌਕਰੀ ਦੀ ਅਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮੁਲਾਜ਼ਮਾਂ ਦੇ ਆਪਣੇ ਭਵਿੱਖ ਦੀ ਕੋਈ ਗਾਰੰਟੀ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਸੇਵਾ ਕੇਂਦਰ ਪ੍ਰੋਜੈਕਟ ਨੂੰ ਨਿੱਜੀ ਕੰਪਨੀਆਂ ਦੇ ਪ੍ਰਬੰਧ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਉਣਾ, ਮੌਜੂਦਾ ਮੁਲਾਜ਼ਮਾਂ ਦੀਆਂ ਨੌਕਰੀਆਂ ਸੁਰੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਪੱਕਾ ਕਰਨ ਲਈ ਠੋਸ ਨੀਤੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਸਾਲਾਨਾ ਤਨਖ਼ਾਹ ਵਾਧਾ, ਸਮੇਂ ਸਿਰ ਤਨਖ਼ਾਹ ਦੀ ਅਦਾਇਗੀ ਅਤੇ ਬਣਦੀਆਂ ਸਰਕਾਰੀ ਸਹੂਲਤਾਂ ਦੇਣ ਦੀ ਵੀ ਮੰਗ ਕੀਤੀ ਗਈ ਹੈ।
ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਲੜਾਈ ਸਿਰਫ਼ ਤਨਖ਼ਾਹਾਂ ਜਾਂ ਨਿੱਜੀ ਲਾਭਾਂ ਤੱਕ ਸੀਮਤ ਨਹੀਂ, ਸਗੋਂ ਹਜ਼ਾਰਾਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਰੁਜ਼ਗਾਰ, ਸਨਮਾਨ ਅਤੇ ਭਵਿੱਖ ਦੀ ਸੁਰੱਖਿਆ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦਾ ਪ੍ਰਬੰਧ ਨਿੱਜੀ ਕੰਪਨੀਆਂ ਦੀ ਬਜਾਏ ਸਿੱਧੇ ਸਰਕਾਰੀ ਹੱਥਾਂ ਵਿੱਚ ਆਉਣ ਨਾਲ ਮੁਲਾਜ਼ਮਾਂ ਨੂੰ ਰੁਜ਼ਗਾਰ ਦੀ ਸੁਰੱਖਿਆ ਮਿਲੇਗੀ ਅਤੇ ਆਮ ਲੋਕਾਂ ਨੂੰ ਵੀ ਘੱਟ ਫ਼ੀਸਾਂ ’ਤੇ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਆਗੂਆਂ ਨੇ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਅਧਿਆਪਕ ਜਥੇਬੰਦੀਆਂ ਨੂੰ 22 ਨਵੰਬਰ ਨੂੰ ਸੰਗਰੂਰ ਪਹੁੰਚ ਕੇ ਇਸ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਸੰਘਰਸ਼ ਦਾ ਅਗਲਾ ਕਦਮ ਹੈ। ਜੇਕਰ ਇਸ ਦੇ ਬਾਵਜੂਦ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਯੂਨੀਅਨ ਵੱਲੋਂ ਹੋਰ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਸਰਪ੍ਰਸਤ ਹਰਵਿੰਦਰ ਸਿੰਘ, ਖ਼ਜ਼ਾਨਚੀ ਜਸਪ੍ਰੀਤ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਹਾਜ਼ਰ ਸਨ।