ਸ਼ਹੀਦ ਭਗਤ ਸਿੰਘ ਦੀ ਸੋਚ ਨੌਜਵਾਨਾਂ ਲਈ ਪ੍ਰੇਰਣਾ : ਸਿੰਗਲਾ ਸ਼ਹੀਦ ਭਗਤ ਸਿੰਘ ਦੀ ਸੋਚ ਨੌਜਵਾਨਾਂ ਲਈ ਪ੍ਰੇਰਣਾ : ਸਿੰਗਲਾ
Publish Date: Mon, 28 Sep 2026 03:58 PM (IST)
Updated Date: Tue, 29 Sep 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਭਰਾਜ ਵਿਖੇ ਕਾਂਗਰਸ ਪਾਰਟੀ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਹੀ ਨਹੀਂ ਸਨ, ਸਗੋਂ ਉਹ ਨਿਡਰਤਾ, ਕੁਰਬਾਨੀ, ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੀ ਸੋਚ ਦੇ ਪ੍ਰਤੀਕ ਵੀ ਹਨ। ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਜੀ ਦੀ ਕ੍ਰਾਂਤੀ ਦਾ ਉਦੇਸ਼ ਸਿਰਫ਼ ਦੇਸ਼ ਨੂੰ ਆਜ਼ਾਦ ਕਰਵਾਉਣਾ ਹੀ ਨਹੀਂ ਸੀ, ਸਗੋਂ ਅਜਿਹਾ ਸਮਾਜ ਸਿਰਜਣਾ ਵੀ ਸੀ, ਜਿੱਥੇ ਹਰ ਵਿਅਕਤੀ ਨੂੰ ਬਰਾਬਰੀ, ਇਨਸਾਫ਼ ਅਤੇ ਸਨਮਾਨ ਮਿਲ ਸਕੇ। ਉਨ੍ਹਾਂ ਦੀ ਸੋਚ ਵਿੱਚ ਸਮਾਜਿਕ ਤਬਦੀਲੀ, ਲੋਕਾਂ ਦੇ ਹੱਕਾਂ ਅਤੇ ਸ਼ੋਸ਼ਣ ਤੋਂ ਮੁਕਤੀ ਨੂੰ ਵਿਸ਼ੇਸ਼ ਮਹੱਤਵ ਹਾਸਲ ਸੀ। ਸਿੰਗਲਾ ਨੇ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝਣਾ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਜਾਗਰੂਕਤਾ, ਬਰਾਬਰੀ ਅਤੇ ਇਨਸਾਫ਼ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਮਾਗਮ ਦੌਰਾਨ ਪਿੰਡ ਵਾਸੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।