ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਰਥੀ ਫੂਕ ਮੁਜ਼ਾਹਰਾ ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਸ੍ਰੋਮਣੀ ਅਕਾਲੀ ਦਲ ਵੱਲੋਂ ਭਗਵੰਤ ਮਾਨ ਦਾ ਅਰਥੀ ਫੂਕ ਮੁਜ਼ਾਹਰਾ
Publish Date: Thu, 23 Jul 2026 06:45 PM (IST)
Updated Date: Fri, 24 Jul 2026 04:08 AM (IST)
ਪਿੰਡ ਮਾਂਗੇਵਾਲ ਵਿਖੇ ਪੰਜਾਬ ਸਰਕਾਰ ਦੀ ਅਕਾਲੀ ਆਗੂਆਂ ਨੇ ਫੂਕੀ ਅਰਥੀ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੁਕਮਾਂ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਮਾਂਗੇਵਾਲ ਵਿਖੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬੀ ਬਲਜੀਤ ਕੌਰ ਖ਼ਾਲਸਾ ਦੀ ਦੇਖ ਰੇਖ ਹੇਠ ਬਰਨਾਲਾ ਵਿੱਚ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਵਿਸੇਸ ਤੌਰ ਤੇ ਪੁੱਜੇ ਪਾਰਟੀ ਦੇ ਹਲਕਾ ਇੰਚਰਾਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਤੇ ਲਾਠੀਚਾਰਜ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਘਾਣ ਹੈ। ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਸ਼ਾਂਤਮਈ ਢੰਗ ਨਾਲ ਰੱਖਣ ਦਾ ਹੱਕ ਹੈ, ਪਰ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਬਲ ਰਾਹੀਂ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਜਥੇਦਾਰ ਨਾਥ ਸਿੰਘ ਹਮੀਦੀ ਅਤੇ ਬਲਜੀਤ ਕੌਰ ਖਾਲਸਾ ਨੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਅਤੇ ਕਸਬਿਆਂ ਦੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਹੁਣ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਰਮਚਾਰੀਆਂ ਤੇ ਲਾਠੀਚਾਰਜ ਕਰਕੇ ਸਰਕਾਰ ਨੇ ਆਪਣਾ ਅਸਲ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਕੱਚੇ ਕਰਮਚਾਰੀ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ ਅਤੇ ਹੁਣ ਸਫਾਈ ਕਰਮਚਾਰੀ ਵੀ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਣ ਲਈ ਮਜਬੂਰ ਹਨ। ਇਸ ਮੌਕੇ ਬੀ.ਸੀ. ਸੈੱਲ ਦੇ ਹਲਕਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਜਗਦੇ, ਸਰਕਲ ਠੁੱਲੀਵਾਲ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਮਾਂਗੇਵਾਲ ਅਤੇ ਜਥੇਦਾਰ ਕੁਲਵਿੰਦਰ ਸਿੰਘ ਮਾਂਗੇਵਾਲ ਨੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਪੰਜਾਬ ਸਰਕਾਰ ਦੀ ਨਾਕਾਮ ਅਤੇ ਲੋਕ ਵਿਰੋਧੀ ਨੀਤੀ ਦਾ ਸਬੂਤ ਹੈ ।ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਜਥੇਦਾਰ ਜੀਵਨ ਸਿੰਘ ਕੁਰੜ, ਮਲਕੀਤ ਸਿੰਘ ਲੱਡੂ, ਸੁਖਜੀਤ ਕੌਰ ਕੁਰੜ, ਪਰਮਜੀਤ ਸਿੰਘ ਫਤਿਹਗੜ੍ਹ ਪੰਜ ਗਰਾਈਆਂ,ਜੀਤਪਾਲ ਸਿੰਘ ਪੰਜਗਰਾਈਆ, ਪਰਮਜੀਤ ਸਿੰਘ ਪੰਮਾ,ਬਖਸੀਸ ਸਿੰਘ ਮਾਂਗੇਵਾਲ, ਯੂਥ ਪ੍ਰਧਾਨ ਪਰਮਜੀਤ ਸਿੰਘ, ਹਰਮਨਜੀਤ ਸਿੰਘ, ਬਿੰਦਰ ਸਿੰਘ ਸਿੱਧੂ ,ਕਾਲਾ ਸਿੰਘ ਹਰਜੀਤ ਸਿੰਘ ਇੰਨਾ ਬਾਜਵਾ, ਜਸਵੀਰ ਕੌਰ ਕਰੜ, ਗੁਰਮੇਲ ਕੌਰ, ਬੇਅੰਤ ਕੌਰ, ਦਲਜੀਤ ਕੌਰ, ਬਲਵਿੰਦਰ ਕੌਰ, ਕਿਰਨਜੀਤ ਕੌਰ, ਪਰਮਜੀਤ ਕੌਰ, ਕਿਰਨਪਾਲ ਕੌਰ ਮਾਂਗੇਵਾਲ, ਗੁਰਚਰਨ ਸਿੰਘ ਮਾਂਗੇਵਾਲ ਹਾਜ਼ਰ ਸਨ।