ਬਲਜੀਤ ਸਿੰਘ ਟਿੱਬਾ, ਸੰਗਰੂਰ : ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਰਿਹਾਈ, ਸਿੱਖ ਮਸਲੇ, ਪੰਜਾਬ ਦੀ ਬਿਹਤਰੀ ਤੇ ਕਿਸਾਨਾਂ ਲਈ ਪੈਕੇਜ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਸੰਯੁਕਤ) ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਹੈ। ਵਫ਼ਦ ਵਿਚ ਉਨ੍ਹਾਂ ਨਾਲ ਸਾਬਕਾ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਰਣਜੀਤ ਸਿੰਘ ਤਲਵੰਡੀ, ਸੁਖਵੰਤ ਸਿੰਘ ਸਰਾਓ ਤੇ ਭਾਜਪਾ ਦੇ ਗਜੇਂਦਰ ਸ਼ੇਖਾਵਤ ਵੀ ਮੌਜੂਦ ਸਨ।

ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸੰਕਟ ਤੇ ਕਰਜ਼ੇ ਦੇ ਭਾਰ ਹੇਠਾਂ ਦੱਬਿਆ ਪਿਆ ਹੈ। ਸਿੱਖਾਂ ਦੇ ਬਹੁਤ ਸਾਰੇ ਮਸਲੇ ਅਜਿਹੇ ਹਨ, ਜਿਨ੍ਹਾਂ ਨੂੰ ਹੱਲ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ, ''ਜੇ ਇਹ ਵੇਲਾ ਨਾ ਸੰਭਾਲਿਆ ਤੇ ਸੰਕਟ ਵੇਲੇ ਸਹੀ ਢੰਗ ਨਾਲ ਆਵਾਜ਼ ਬੁਲੰਦ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਪੰਥ ਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਬਣੀ ਹੈ''। ਅਮਿਤ ਸ਼ਾਹ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਜਲਦੀ ਕਰਨ ਸਮੇਤ ਹੋਰ ਮਸਲਿਆਂ ਨੂੰ ਹੱਲ ਕਰਨ ਦਾ ਭਰੋੋਸਾ ਦਿੱਤਾ ਹੈ''।