ਕਮਿਊਨਿਟੀ ਹੈੱਲਥ ਸੈਂਟਰ ਮਹਿਲਕਲਾਂ ’ਚ ਡਾਕਟਰਾਂ ਦੀ ਘਾਟ
ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ’ਚ ਡਾਕਟਰਾਂ ਦੀ ਘਾਟ
Publish Date: Tue, 20 Jan 2026 06:24 PM (IST)
Updated Date: Wed, 21 Jan 2026 04:10 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਮਿਊਨਿਟੀ ਹੈੱਲਥ ਸੈਂਟਰ ਮਹਿਲਕਲਾਂ ਵਿਖੇ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਅੱਜ ਵੱਖ-ਵੱਖ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਨੇ ਇੱਕ ਮੁੱਠ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹਸਪਤਾਲ ਵਿੱਚ ਤੁਰੰਤ ਡਾਕਟਰਾਂ ਦੀ ਪੱਕੀ ਭਰਤੀ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਬੀਕੇਯੂ ਡਕੌਦਾ ਬੁਰਜ ਗਿੱਲ ਦੇ ਬਲਾਕ ਮਹਿਲਕਲਾਂ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਸੁਖਵਿੰਦਰ ਸਿੰਘ ਕਾਲਾ, ਸੁਖਦੇਵ ਸਿੰਘ ਮਹਿਲਕਲਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਬਲਾਕ ਆਗੂ ਆਮ ਅਮਨਦੀਪ ਸਿੰਘ ਮਹਿਲਕਲਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਮਹਿਲ ਕਲਾਂ ਵਰਗੇ ਇਲਾਕਿਆਂ ਵਿਚ ਡਾਕਟਰਾਂ ਦੀਆਂ ਅਹੰਕਾਰਪੂਰਨ ਪੋਸਟਾਂ ਖਾਲੀ ਪਈਆਂ ਹਨ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਤ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਮਜਬੂਰਨ ਨਿੱਜੀ ਤੇ ਬਾਹਰਲੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ, ਜਿੱਥੇ ਮਹਿੰਗਾ ਇਲਾਜ ਕਰਵਾਉਣਾ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕਰ ਕੇ ਡਾਕਟਰਾਂ ਦੀ ਆਰਜ਼ੀ ਤਾਇਨਾਤੀ ਤਾਂ ਕਰਵਾਈ ਗਈ ਸੀ, ਪਰ ਹੁਣ ਫਿਰ ਤੋਂ ਅਸਾਮੀਆਂ ਖਾਲੀ ਹੋਣ ਨਾਲ ਸਥਿਤੀ ਪਹਿਲਾਂ ਨਾਲੋਂ ਵੀ ਵੱਧ ਗੰਭੀਰ ਹੋ ਗਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 30 ਜਨਵਰੀ ਤਕ ਕਮਿਊਨਿਟੀ ਹੈੱਲਥ ਸੈਂਟਰ ਮਹਿਲਕਲਾਂ ਵਿਚ ਡਾਕਟਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਪੱਕੇ ਤੌਰ ’ਤੇ ਨਹੀਂ ਭਰੀਆਂ ਗਈਆਂ, ਤਾਂ ਉਸੇ ਦਿਨ ਹਸਪਤਾਲ ਅੱਗੇ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸੰਘਰਸ਼ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਦੀ ਪੂਰੀ ਜਿੰਮੇਵਾਰੀ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।