ਗੰਗਾ ਡਿਗਰੀ ਕਾਲਜ ’ਚ ਸ਼੍ੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਗੰਗਾ ਡਿਗਰੀ ਕਾਲਜ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Publish Date: Fri, 04 Sep 2026 03:41 PM (IST)
Updated Date: Sat, 05 Sep 2026 04:01 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਗੰਗਾ ਡਿਗਰੀ ਕਾਲਜ, ਢਾਬੀ ਗੁੱਜਰਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ, ਭਜਨ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਚੇਅਰਮੈਨ ਗੁਰਲਾਡ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੀ ਵਾਈਸ ਚੇਅਰਪਰਸਨ ਰੀਨਾ ਕੌਰ ਚੀਮਾ ਵੀ ਮੌਜੂਦ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਮਿੱਤਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚਾਈ, ਧਰਮ, ਨਿਸ਼ਕਾਮ ਕਰਮ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਖੁਸ਼ੀ, ਸ਼ਰਧਾ ਅਤੇ ਭਗਤੀ ਭਾਵਨਾ ਨਾਲ ਹੋਇਆ।