23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬਰਨਾਲਾ ਦੀ ਦਾਣਾ ਮੰਡੀ ਵਿਖੇ ਹੋਈ ਵਿਸ਼ਾਲ ਸਾਮਰਾਜ ਵਿਰੋਧੀ ਕਾਨਫਰੰਸ
23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬਰਨਾਲਾ ਦੀ ਦਾਣਾ ਮੰਡੀ ਵਿਖੇ ਹੋਈ ਵਿਸ਼ਾਲ ਸਾਮਰਾਜ ਵਿਰੋਧੀ ਕਾਨਫਰੰਸ
Publish Date: Mon, 23 Mar 2026 06:38 PM (IST)
Updated Date: Tue, 24 Mar 2026 04:08 AM (IST)

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ, ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 90 ਜਨਤਕ ਜਥੇਬੰਦੀਆਂ ਦੇ ਫੈਸਲੇ ਤਹਿਤ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਗਈ ਸਾਮਰਾਜ ਵਿਰੋਧੀ ਕਾਨਫਰੰਸ ’ਚ ਔਰਤਾਂ, ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਕਾਮਿਆਂ ਤੇ ਮੁਲਾਜ਼ਮਾਂ ਵੱਲੋਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚ ਕੇ ਮਰਹੂਮ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਧਨੇਰ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਦੇ ਸੱਦੇ ’ਤੇ ਕੀਤੀ ਗਈ। ਇਸ ਵਿਸ਼ਾਲ ਕਾਨਫਰੰਸ ਦੌਰਾਨ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ਖ਼ਿਲਾਫ਼ ਛੇੜੀ ਜੰਗ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ ਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਕੌਮ ਧ੍ਰੋਹੀ ਕਰਾਰ ਦਿੰਦਿਆਂ ਇਸ ਸਮਝੌਤੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਮੁਕਤ ਵਪਾਰ ਸਮਝੌਤੇ ਵਰਗੇ ਕਦਮਾਂ ਖ਼ਿਲਾਫ਼ ਵਿਸ਼ਾਲ ਸਾਂਝੇ ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਹਾਕਮਾਂ ਵੱਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣਮਿਥ ਕੇ ਅੱਗੇ ਵਧਾਇਆ ਜਾ ਰਿਹਾ ਹੈ। ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣਸਰਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵੱਲੋਂ ਇੱਥੋਂ ਦੇ ਜਲ, ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸਾਧਨ ਬਨਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ। ਬੁਲਾਰਿਆਂ ਨੇ ਆਖਿਆ ਕਿ ਸ਼ਹੀਦਾਂ ਦੇ ਆਦਰਸ਼ਾਂ ਦੀ ਪੂਰਤੀ ਲਈ ਕਿਸਾਨਾਂ, ਮਜ਼ਦੂਰਾਂ ਤੇ ਸਮੂਹ ਕਿਰਤੀ ਕਮਾਊਂ ਲੋਕਾਂ ਦੀ ਪੁੱਗਤ ਸਥਾਪਤੀ ਵਾਸਤੇ ਦੇਸ਼ ਦੇ ਵਿੱਚੋਂ ਸਾਮਰਾਜੀ ਲੁੱਟ ਤੇ ਗਲਬੇ ਨੂੰ ਖਤਮ ਕਰਨ ਤੋਂ ਇਲਾਵਾ ਦੇਸੀ ਵੱਡੇ ਸਰਮਾਏਦਾਰਾਂ, ਧਨਾਢ ਜਗੀਰੂ ਚੌਧਰੀਆਂ ਤੇ ਸੂਦਖੋਰੀ ਲੁੱਟ ਦੇ ਖਾਤਮੇ ਲਈ ਜੂਝਣਾ ਹੀ ਖਰੀ ਦੇਸ਼ ਭਗਤੀ ਹੈ। ਅੱਜ ਦੀ ਕਾਨਫਰੰਸ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਬੀਕੇਯੂ ਕ੍ਰਾਂਤੀਕਾਰੀ ਪੰਜਾਬ ਬੁੱਟਰ ਦੇ ਕਨਵੀਨਰ ਹਰਭਜਨ ਸਿੰਘ ਬੁੱਟਰ, ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਤੇ ਚਰਨਜੀਤ ਕੌਰ, ਗੁਰਦੀਪ ਸਿੰਘ ਰਾਮਪੁਰਾ, ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਪਲਸ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਕ੍ਰਾਂਤੀਕਾਰੀ ਸਾਬਕਾ ਸੈਨਿਕ ਯੂਨੀਅਨ ਦੇ ਆਗੂ ਮੇਲਾ ਸਿੰਘ, ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਜਗਰੂਪ ਸਿੰਘ, ਪੀਆਰਟੀਸੀ ਮੁਲਾਜ਼ਮ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਤੇ ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ ਆਦਿ ਆਗੂਆਂ ਨੇ ਸੰਬੋਧਨ ਕੀਤਾ।