ਭਰਾਜ ਨੇ ਖੰਡਾ ਚੌਕ ਤੋਂ ਪੂਨੀਆ ਟਾਵਰ ਤੱਕ ਚਲਾਈ ਵਿਸ਼ੇਸ਼ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ ਖੰਡਾ ਚੌਕ ਤੋਂ ਪੂਨੀਆ ਟਾਵਰ ਤੱਕ ਚਲਾਈ ਵਿਸ਼ੇਸ਼ ਸਫਾਈ ਮੁਹਿੰਮ
Publish Date: Sun, 30 Aug 2026 03:37 PM (IST)
Updated Date: Mon, 31 Aug 2026 04:01 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੰਡਾ ਚੌਕ ਤੋਂ ਹਰੀਪੁਰਾ ਹੁੰਦੇ ਹੋਏ ਪੂਨੀਆ ਟਾਵਰ ਤਕ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਖੁਦ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੰਗਰੂਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੁਹਿੰਮ ਦਾ ਉਦੇਸ਼ ਸਿਰਫ਼ ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ ਹਟਾਉਣਾ ਹੀ ਨਹੀਂ, ਸਗੋਂ ਸ਼ਹਿਰ ਵਿੱਚ ਸਥਾਈ ਤੌਰ |ਤੇ ਬਿਹਤਰ ਸਫਾਈ ਪ੍ਰਬੰਧ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਵਿੱਚ ਨਗਰ ਕੌਂਸਲ ਦੇ ਈਓ, ਕੌਂਸਲਰਾਂ, ਸਫਾਈ ਕਰਮਚਾਰੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਲਾਈਨਾਂ ਦੇ ਬੰਦ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇੱਕ ਕੰਪਨੀ ਦਾ ਟੈਂਡਰ ਰੱਦ ਕੀਤੇ ਜਾਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਕਰੀਬ 17 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਦੀ ਸਫਾਈ ਲਈ ਨਵਾਂ ਟੈਂਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਪਿਛਲੇ ਕਰੀਬ ਡੇਢ ਮਹੀਨੇ ਤੋਂ ਲਗਾਤਾਰ ਜਾਰੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋੜ ਅਨੁਸਾਰ ਮਸ਼ੀਨਰੀ ਲਗਾ ਕੇ ਸੀਵਰੇਜ ਦੀ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਵੱਡੀਆਂ ਸਕਸ਼ਨ ਮਸ਼ੀਨਾਂ ਦੇ ਨਾਲ-ਨਾਲ ਛੋਟੀਆਂ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਆਵਾਜਾਈ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਅਤੇ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ, ਇਸ ਲਈ ਕਈ ਥਾਵਾਂ ’ਤੇ ਰਾਤ 10 ਵਜੇ ਤੋਂ ਬਾਅਦ ਸੀਵਰੇਜ ਸਫਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਵੀ ਹਾਜ਼ਰ ਸਨ।