- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੀਆਂ 16 ਪੰਚਾਇਤਾਂ ਤੇ ਸਿਹਤ ਕਰਮਚਾਰੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ‘ਟੀ.ਬੀ. ਮੁਕਤ ਭਾਰਤ ਅਭਿਆਨ’ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਜ਼ਿਲ੍ਹਾ ਬਰਨਾਲਾ ਦੇ 16 ਪਿੰਡਾਂ ਦੀਆਂ ਪੰਚਾਇਤਾਂ ਅਤੇ ਉਨ੍ਹਾਂ ਨਾਲ ਸਬੰਧਿਤ ਸਿਹਤ ਕਰਮਚਾਰੀਆਂ ਨੂੰ ਪਿੰਡਾਂ ਨੂੰ ਟੀ.ਬੀ. ਮੁਕਤ ਬਣਾਉਣ ਲਈ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੇਅਰ ਨਗਰ ਨਿਗਮ ਬਰਨਾਲਾ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ ਅਤੇ ਸਿਵਲ ਸਰਜਨ, ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ ਅਤੇ ਪੰਚਾਇਤਾਂ ਨੂੰ ਸਨਮਾਨ ਪੱਤਰ ਭੇਂਟ ਕੀਤੇ। ਇਸ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ, ਤਹਿਸੀਲਦਾਰ ਕੁਲਦੀਪ ਸਿੰਘ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ 16 ਪਿੰਡਾਂ ਦੇ ਟੀ.ਬੀ. ਮੁਕਤ ਹੋਣ ਦਾ ਸਿਹਰਾ ਪਿੰਡਾਂ ਦੀਆਂ ਪੰਚਾਇਤਾਂ, ਮਲਟੀਪਰਪਜ਼ ਹੈਲਥ ਵਰਕਰਾਂ (ਮੇਲ/ਫੀਮੇਲ), ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਆਸ਼ਾ ਵਰਕਰਾਂ ਦੀ ਤਨਦੇਹੀ ਅਤੇ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਟੀ.ਬੀ. ਮੁਕਤ ਬਣਾਉਣ ਲਈ ਸਿਹਤ ਵਿਭਾਗ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ। ਸਮਾਰੋਹ ਦੌਰਾਨ ਜ਼ਿਲ੍ਹਾ ਟੀ.ਬੀ. ਅਫ਼ਸਰ/ਨੋਡਲ ਅਫ਼ਸਰ ਡਾ. ਮੋਨਿਕਾ ਬਾਂਸਲ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਬਲਰਾਜ ਸਿੰਘ ਨੇ ਅਭਿਆਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਹੈਂਡ ਹੈਲਡ ਪੋਰਟੇਬਲ ਐਕਸ-ਰੇ ਮਸ਼ੀਨਾਂ ਰਾਹੀਂ ਜਾਂਚ ਕੀਤੀ ਜਾਂਦੀ ਹੈ।
ਸ਼ੱਕੀ ਮਰੀਜ਼ਾਂ ਦੀ ਬਲਗਮ ਦੀ ਜਾਂਚ ‘ਟਰੂ ਨਾਟ’ ਮਸ਼ੀਨ ਰਾਹੀਂ ਕੀਤੀ ਜਾਂਦੀ ਹੈ ਅਤੇ ਇਸ ਬਿਮਾਰੀ ਦਾ ਮੁਫ਼ਤ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲਗਾਤਾਰ ਦੋ ਹਫ਼ਤਿਆਂ ਤੋਂ ਖਾਂਸੀ, ਹਲਕਾ ਬੁਖ਼ਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਜਾਂ ਥਕਾਵਟ ਵਰਗੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਲਗਾਏ ਜਾ ਰਹੇ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਜਾਂਚ ਕਰਵਾਉਣ। ਇਸ ਸਨਮਾਨ ਸਮਾਰੋਹ ਵਿੱਚ ਡਿਸਟ੍ਰਿਕਟ ਯੂਥ ਅਫ਼ਸਰ ਆਭਾ ਸੋਨੀ ਤੇ ਉਨ੍ਹਾਂ ਦੀ ਟੀਮ, ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਧਨੌਲਾ ਤੋਂ ਰੇਡੀਓਗ੍ਰਾਫਰ ਸੁਰਜੀਤ ਸਿੰਘ, ਅਤੇ ਟੀ.ਬੀ. ਬ੍ਰਾਂਚ ਤੋਂ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਜਯੋਤੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।