
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ

ਜਸਵੀਰ ਸਿੰਘ ਫਰਵਾਲੀ, ਪੰਜਾਬੀ ਜਾਗਰਣ,
ਸੰਦੌੜ : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰ ਗੁਰਜੰਟ ਸਿੰਘ ਅਤੇ ਬਲਾਕ ਅਹਿਮਦਗੜ੍ਹ ਦੇ ਬੀਐੱਨਓ ਮੁਹੰਮਦ ਇਮਰਾਨ ਦੀ ਨਿਗਰਾਨੀ ਹੇਠ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਵਿਚਾਰਧਾਰਾ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਅਹਿਮਦਗੜ੍ਹ ਦੇ ਲਗਭਗ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਮਾਜ ਵਿੱਚੋਂ ਜਾਤ-ਪਾਤ ਤੇ ਵਿਤਕਰੇ ਨੂੰ ਦੂਰ ਕਰਨ ਸਬੰਧੀ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ।
ਮੁਕਾਬਲਿਆਂ ਦੀ ਜੱਜਮੈਂਟ ਲਈ ਵਰਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ ਅਤੇ ਮੁਜਾਹਿਦੀਨ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਭਾਸ਼ਣਾਂ ਦੀ ਵਿਸ਼ਾ-ਵਸਤੂ, ਪੇਸ਼ਕਾਰੀ, ਭਾਸ਼ਾ ਅਤੇ ਪ੍ਰਭਾਵਸ਼ਾਲੀ ਅੰਦਾਜ਼ ਦੇ ਆਧਾਰ ’ਤੇ ਮੁਲਾਂਕਣ ਕੀਤਾ ਗਿਆ। ਇਸ ਮੌਕੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਦੇ ਲੈਕਚਰਾਰ ਆਤਮਾ ਸਿੰਘ ਨੇ ਪ੍ਰੋਗਰਾਮ ਦੇ ਸੁਚੱਜੇ ਪ੍ਰਬੰਧ ਅਤੇ ਸਫ਼ਲ ਆਯੋਜਨ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਵੀ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਗਿਆ। ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕੀਤੇ ਗਏ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਬਲਾਕ ਅਹਿਮਦਗੜ੍ਹ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਬੀਐੱਨਓ ਮੁਹੰਮਦ ਇਮਰਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬਹੁਤ ਪ੍ਰਸੰਗਿਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਮਿਹਨਤ, ਸੱਚਾਈ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਨੋਡਲ ਅਫ਼ਸਰ, ਬਲਾਕ ਅਹਿਮਦਗੜ੍ਹ ਦੇ ਅਧਿਆਪਕਾਂ, ਪੀਐੱਮ ਸ੍ਰੀ ਸਕੂਲ ਕੰਗਣਵਾਲ ਦੇ ਸਮੂਹ ਸਟਾਫ਼ ਅਤੇ ਹਾਜ਼ਰ ਅਧਿਆਪਕ ਸਾਹਿਬਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਗਿਆ।