- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਇਕਜੁੱਟ ਹੋਣਾ ਪਵੇਗਾ :ਤਰਸੇਮ ਸਿੰਘ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਸਥਾਨਕ ਆਰਡੀਐਲ ਪੈਲੇਸ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਝਨੇੜੀ ਦੀ ਅਗਵਾਈ ਹੇਠ ਕਾਨਫਰੰਸ ਕਰਵਾਈ ਗਈ। ਇਸ ਦੌਰਾਨ ਪਾਰਟੀ ਆਗੂਆਂ ਨੇ ਪੰਜਾਬ ਦੇ ਪਾਣੀਆਂ, ਕੁਦਰਤੀ ਸਾਧਨਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮਸਲਿਆਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਿਚਾਰ ਰੱਖੇ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੂਬਾਈ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਪ੍ਰੀਤ ਕੌਰ, ਲੱਖਾ ਸਿੰਘ ਸਿਧਾਣਾ, ਤੇਜਿੰਦਰ ਸਿੰਘ ਢਿੱਲੋਂ ਅਤੇ ਨਿਹੰਗ ਸਿੰਘ ਰਾਜਾ ਰਾਜ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਹੁਣ ਤੱਕ ਬਣੀਆਂ ਸਰਕਾਰਾਂ ਵੱਲੋਂ ਪੰਜਾਬ ਅਤੇ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪਾਣੀਆਂ ਸਮੇਤ ਕੁਦਰਤੀ ਸਾਧਨਾਂ ਦੀ ਲੁੱਟ ਕੀਤੀ ਗਈ ਅਤੇ ਇਨ੍ਹਾਂ ਮੁੱਦਿਆਂ ’ਤੇ ਆਵਾਜ਼ ਉਠਾਉਣ ਵਾਲਿਆਂ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਵੀ ਪੰਜਾਬ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕਰਨ ਦੀ ਬਜਾਏ ਕੇਂਦਰ ਨਾਲ ਮਿਲੀਭੁਗਤ ਕਰਕੇ ਸੂਬੇ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਅਤੇ ਇਕਜੁੱਟ ਹੋਣ ਦੀ ਲੋੜ ਹੈ।
ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮਸਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਮੇਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਪੰਜਾਬ ਅਤੇ ਸਿੱਖਾਂ ਨਾਲ ਗੁਲਾਮਾਂ ਵਾਲਾ ਸਲੂਕ ਕਰ ਰਹੀਆਂ ਹਨ। ਆਗੂਆਂ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਲਈ ਵੀ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਇਸ ਮੌਕੇ ਬਲਵਿੰਦਰ ਸਿੰਘ ਲਸੋਈ, ਵਰਮਾ ਸਿੰਘ ਖਾਲਸਾ ਦਿੜ੍ਹਬਾ, ਮੇਹਰਦੀਨ ਮਾਲੇਰਕੋਟਲਾ, ਅਵਤਾਰ ਸਿੰਘ ਸ਼ੇਰੋਂ, ਹਰਵਿੰਦਰ ਪਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਭਿੰਡਰ, ਸਤਨਾਮ ਕੌਰ ਪਟਿਆਲਾ, ਬਲਜੀਤ ਸਿੰਘ ਤਿਰੰਜੀਖੇੜਾ, ਦਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਡਰੌਲੀ ਨੇ ਵੀ ਸੰਬੋਧਨ ਕੀਤਾ।