ਗੰਗਾ ਡਿਗਰੀ ਕਾਲਜ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਗੰਗਾ ਡਿਗਰੀ ਕਾਲਜ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Wed, 18 Mar 2026 03:13 PM (IST)
Updated Date: Wed, 18 Mar 2026 03:16 PM (IST)
ਖਨੌਰੀ : ਗੰਗਾ ਡਿਗਰੀ ਕਾਲਜ ਵਿੱਚ ਵਿਦਿਆਰਥੀਆਂ ਦੀ ਆਤਮਿਕ ਉਨੱਤੀ, ਮਨ ਦੀ ਸ਼ਾਂਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਲਾਡ ਸਿੰਘ ਕਾਹਲੋ ਅਤੇ ਵਾਈਸ ਚੇਅਰਪਰਸਨ ਰੀਨਾ ਕੌਰ ਚੀਮਾ ਨੇ ਆਪਣੇ ਭੇਜੇ ਸੰਦੇਸ਼ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਆਤਮਕ ਕਾਰਜ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਇੱਕ ਚੰਗਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਕਰਦੇ ਹਨ। ਅਜਿਹੇ ਕਾਰਜ ਸਾਨੂੰ ਸਹਿਨਸ਼ੀਲਤਾ, ਨਿਮਰਤਾ ਅਤੇ ਸੇਵਾ ਦੀ ਭਾਵਨਾ ਨੂੰ ਅਪਣਾਉਣ ਦੀ ਪ੍ਰੇਰਨਾ ਦਿੰਦੇ ਹਨ।
ਇਸ ਮੌਕੇ ਗੁਰੂ ਘਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਨੌਰੀ ਮੰਡੀ ਤੋਂ ਪਹੁੰਚੇ ਪਾਠੀ ਭਾਈ ਮੁਖਤਿਆਰ ਸਿੰਘ ਅਤੇ ਦੀਦਾਰ ਸਿੰਘ ਵੱਲੋਂ ਪਵਿੱਤਰ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸਾਰਾ ਵਾਤਾਵਰਣ ਆਤਮਿਕ ਰੰਗ ਵਿੱਚ ਰੰਗਿਆ ਗਿਆ। ਵਿਦਿਆਰਥੀਆਂ ਨੇ ਪੂਰੀ ਇਕਾਗਰਤਾ ਅਤੇ ਸਹਿਜਤਾ ਨਾਲ ਬੈਠ ਕੇ ਗੁਰਬਾਣੀ ਦਾ ਸਿਮਰਨ ਕੀਤਾ ਅਤੇ ਧਾਰਮਿਕ ਮਾਹੌਲ ਦਾ ਅਨੰਦ ਮਾਣਿਆ। ਸਮਾਗਮ ਦੌਰਾਨ ਪ੍ਰਿੰਸੀਪਲ ਨੇ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਮਨ ਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ ਅਤੇ ਜੀਵਨ ਵਿੱਚ ਸਕਾਰਾਤਮਕ ਸੋਚ ਪੈਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਦੀ ਸਿਰਜਣਾ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੇ ਸਹੀ ਰਸਤੇ ’ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਗੁਰਬਾਣੀ ਦੇ ਉਪਦੇਸ਼ਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿੱਚ ਅਰਦਾਸ ਕੀਤੀ ਗਈ ਜਿਸ ਵਿੱਚ ਸਮੂਹ ਮਨੁੱਖਤਾ ਦੀ ਭਲਾਈ ਅਤੇ ਦੇਸ਼ ਦੀ ਚੜ੍ਹਦੀ ਕਲਾ ਲਈ ਦੁਆ ਮੰਗੀ ਗਈ। ਇਸ ਤੋਂ ਬਾਅਦ ਸਾਰੀ ਸੰਗਤ ਨੂੰ ਦੇਗ ਪ੍ਰਸ਼ਾਦ ਅਤੇ ਲੰਗਰ ਛਕਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਵੱਲੋਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ ਗਿਆ।