
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੈਰੀਟੋਰੀਅਸ ਸਕੂਲਾਂ ਦੇ ਸਟਾਫ਼ ਨੇ ਰੈਗੂਲਰਾਈਜ਼ੇਸ਼ਨ ਦੀ ਮੰਗ ਉਠਾਈ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਕੰਮ ਬੰਦ ਕਰਕੇ ਰੋਸ ਪ੍ਰਗਟਾਇਆ। ਉਨ੍ਹਾਂ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕ ਰਹੀ ਰੈਗੂਲਰਾਈਜ਼ੇਸ਼ਨ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ।
ਮੈਰੀਟੋਰੀਅਸ ਸਕੂਲ ਸੰਗਰੂਰ ਦੇ ਅਧਿਆਪਕ ਪੂਜਾ ਗਰਗ, ਮਨਜਿੰਦਰ ਕੌਰ, ਨੇਹਾ ਗੁਪਤਾ, ਟਵਿੰਕਲ ਅਤੇ ਅੰਜਲੀ ਧਵਨ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪੂਰੀ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਇਨ੍ਹਾਂ ਸਕੂਲਾਂ ਦੇ ਚੰਗੇ ਨਤੀਜਿਆਂ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ, ਪਰ ਇਸ ਦੇ ਬਾਵਜੂਦ ਉਹ ਅਜੇ ਵੀ ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਹਨ।
ਕਾਮਰਸ ਦੇ ਲੈਕਚਰਾਰ ਦੀਪਿਕਾ ਗੋਇਲ ਨੇ ਕਿਹਾ ਕਿ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਟਾਫ਼ ਦੀਆਂ ਸੇਵਾਵਾਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਜਾਂ ਮੈਰੀਟੋਰੀਅਸ ਸਕੂਲਜ਼ ਸੁਸਾਇਟੀ ਅਧੀਨ ਰੈਗੂਲਰ ਕੀਤਾ ਜਾਵੇ।
ਅਧਿਆਪਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਸਲੇ ਦਾ ਜਲਦ ਅਤੇ ਸਕਾਰਾਤਮਕ ਹੱਲ ਕੱਢਦਿਆਂ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਰੈਗੂਲਰਾਈਜ਼ੇਸ਼ਨ ਸਬੰਧੀ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸਰਕਾਰ ਤੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਉਮੀਦ ਰੱਖਦੇ ਹਨ।