ਨਸ਼ਿਆਂ ’ਤੇ ਠੱਲ ਪਾਉਣ ’ਚ ਸੂਬਾ ਸਰਕਾਰ ਫੇਲ੍ਹ : ਅਮਨ ਪੂਨੀਆ ਨਸ਼ਿਆਂ ’ਤੇ ਠੱਲ ਪਾਉਣ ’ਚ ਸੂਬਾ ਸਰਕਾਰ ਰਹੀ ਨਾਕਾਮ:ਅਮਨ ਪੂਨੀਆ
Publish Date: Mon, 21 Sep 2026 03:43 PM (IST)
Updated Date: Tue, 22 Sep 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਪੰਜਾਬ ਚੋ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਵਿੱਚੋ ਨਸ਼ਾ ਘਟਣ ਦੀ ਬਜਾਏ ਹੋਰ ਵਧ ਗਿਆ ਅਤੇ ਵੱਡੀ ਗਿਣਤੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧੰਸ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਵੱਡੀ ਗਿਣਤੀ ਵਿੱਚ ਕਾਰਵਾਈ ਕਰਨ ਦੇ ਅੰਕੜੇ ਜਾਰੀ ਕੀਤੇ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ ਤਾਂ ਨਸ਼ੇ ਦੀ ਉਪਲੱਬਧਤਾ ਹਾਲੇ ਵੀ ਕਿਵੇਂ ਬਣੀ ਹੋਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਮਾਰਚ 2022 ਤੋਂ 2026 ਤੱਕ 95,881 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਗ੍ਰਿਫ਼ਤਾਰੀਆਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨਾਲ ਜੁੜੀਆਂ ਮੌਤਾਂ ਬਾਰੇ ਵੀ ਵੱਖ-ਵੱਖ ਰਿਪੋਰਟਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸਮੱਸਿਆ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਤੋਂ ਬਾਅਦ ਗੁਲਜ਼ਾਰ ਸਿੰਘ ’ਤੇ ਦਬਾਅ ਪਾਏ ਜਾਣ ਦੇ ਦੋਸ਼ ਲੱਗੇ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਇਹ ਸਿਰਫ਼ ਸਿਆਸੀ ਯਾਤਰਾ ਨਹੀਂ, ਸਗੋਂ ਜਨਤਾ ਦੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਵਾਅਦਿਆਂ ਦਾ ਸਮਾਂ ਖ਼ਤਮ ਹੋ ਗਿਆ ਹੈ ਅਤੇ ਹੁਣ ਕਾਰਵਾਈ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸਪੱਸ਼ਟ ਟੀਚਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣਾ ਹੈ।