- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਦੀ ਅੱਗ ਨੇ ਸੜਕ ਕਿਨਾਰੇ ਖੜ੍ਹੇ ਹਰੇ-ਭਰੇ ਰੁੱਖ ਸਾੜੇ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਸੜਕਾਂ ਕਿਨਾਰੇ ਵਣ ਵਿਭਾਗ ਵੱਲੋਂ ਲਗਾਏ ਹਰੇ-ਭਰੇ ਰੁੱਖ ਵੀ ਅੱਗ ਦੀ ਭੇਟ ਚੜ੍ਹ ਰਹੇ ਹਨ। ਘਨੌਰ ਕਲਾਂ ਤੋਂ ਹਥਨ ਨੂੰ ਜਾਂਦੀ ਸੜਕ ਦੇ ਆਲੇ-ਦੁਆਲੇ ਖੜ੍ਹੇ ਛੋਟੇ ਰੁੱਖਾਂ ਦੇ ਸੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਵਾਤਾਵਰਨ ਪ੍ਰੇਮੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਦੱਸਿਆ ਜਾਂਦਾ ਹੈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਮੇਂ ਸੜਕ ਕਿਨਾਰੇ ਲੱਗੇ ਕਈ ਹਰੇ-ਭਰੇ ਰੁੱਖ ਵੀ ਸੜ ਗਏ। ਹਰ ਸਾਲ ਅਜਿਹੀਆਂ ਘਟਨਾਵਾਂ ਵਾਪਰਨ ਦੇ ਬਾਵਜੂਦ ਰੁੱਖਾਂ ਦੀ ਸੁਰੱਖਿਆ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ’ਤੇ ਸਵਾਲ ਉੱਠ ਰਹੇ ਹਨ। ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਢੁਕਵੇਂ ਕਦਮ ਚੁੱਕੇ ਜਾਣ ਤਾਂ ਅਜਿਹੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਵਾਤਾਵਰਨ ਪ੍ਰੇਮੀ ਸੰਦੀਪ ਸਿੰਘ ਗਰੇਵਾਲ, ਗੋਬਿੰਦ ਸ਼ਰਮਾ ਅਤੇ ਦਰਸ਼ਨ ਸਿੰਘ ਬਾਜਵਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ ਕਿਨਾਰੇ ਲੱਗੇ ਰੁੱਖਾਂ ਨੂੰ ਅੱਗ ਦੀ ਭੇਟ ਚੜ੍ਹਨ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਰੁੱਖਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਅਤੇ ਵਾਤਾਵਰਨ ਦਾ ਅਹਿਮ ਹਿੱਸਾ ਹਨ। ਇਹ ਸਾਨੂੰ ਛਾਂ ਦੇਣ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਸੁਧਾਰਨ, ਪ੍ਰਦੂਸ਼ਣ ਘਟਾਉਣ ਅਤੇ ਜੈਵਿਕ ਵਿਭਿੰਨਤਾ ਨੂੰ ਕਾਇਮ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜਿਹੇ ਵਿੱਚ ਸਾਲਾਂ ਦੀ ਮਿਹਨਤ ਨਾਲ ਤਿਆਰ ਹੋਏ ਰੁੱਖਾਂ ਦਾ ਸੜ ਕੇ ਨਸ਼ਟ ਹੋਣਾ ਕੁਦਰਤੀ ਸਰੋਤਾਂ ਦਾ ਵੱਡਾ ਨੁਕਸਾਨ ਹੈ।
ਵਾਤਾਵਰਨ ਪ੍ਰੇਮੀਆਂ ਨੇ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਬਦਲ ਅਪਣਾਉਣ। ਇਸ ਦੇ ਨਾਲ ਹੀ ਵਣ ਵਿਭਾਗ ਅਤੇ ਪ੍ਰਸ਼ਾਸਨ ਨੂੰ ਵੀ ਰੁੱਖਾਂ ਦੀ ਸੁਰੱਖਿਆ ਲਈ ਨਿਯਮਤ ਨਿਗਰਾਨੀ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਹਰ ਸਾਲ ਹਰੇ-ਭਰੇ ਰੁੱਖਾਂ ਨੂੰ ਅੱਗ ਦੀ ਭੇਟ ਚੜ੍ਹਨ ਤੋਂ ਬਚਾਇਆ ਜਾ ਸਕੇ।