ਵਿਦਿਆਰਥੀਆਂ ਨੇ ਲਾਇਬ੍ਰੇਰੀ ਦਾ ਕੀਤਾ ਦੌਰਾ
ਵਿਦਿਆਰਥੀਆਂ ਨੇ ਕੀਤਾ ਸੰਗਰੂਰ ਲਾਇਬ੍ਰੇਰੀ ਦਾ ਦੌਰਾ
Publish Date: Wed, 18 Mar 2026 04:36 PM (IST)
Updated Date: Wed, 18 Mar 2026 04:40 PM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦਾ ਦੌਰਾ ਕੀਤਾ। ਕਾਲਜ ਪ੍ਰਿੰਸੀਪਲ ਡਾ ਬਲਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਵਧਾਉਣ ਅਤੇ ਉਨ੍ਹਾਂ ਨੂੰ ਅਕਾਦਮਿਕ ਸਰੋਤਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਾਲਜ ਵੱਲੋਂ ਬੀਲਿਬ ਤੇ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਲਾਇਬ੍ਰੇਰੀ ਦੀਆਂ ਵੱਖ-ਵੱਖ ਸਹੂਲਤਾਂ, ਵਿਭਾਗਾਂ ਅਤੇ ਉੱਥੇ ਮੌਜੂਦ ਵਿਸ਼ਾਲ ਪੁਸਤਕ ਸੰਭਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਹਾਇਕ ਲਾਇਬ੍ਰੇਰੀਅਨ ਪ੍ਰੋ. ਅੰਜੂ ਬਾਲਾ ਨੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੇ ਕੰਮਕਾਜ ਅਤੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਸਿਰਫ ਕਿਤਾਬਾਂ ਦੀ ਸੰਭਾਲ ਦਾ ਕੇਂਦਰ ਹੀ ਨਹੀਂ, ਸਗੋਂ ਵਿਦਿਆਰਥੀਆਂ ਲਈ ਗਿਆਨ ਅਤੇ ਖੋਜ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕਿਤਾਬਾਂ, ਰੈਫਰੈਂਸ ਸੈਕਸ਼ਨ, ਮੈਗਜ਼ੀਨ, ਅਖਬਾਰਾਂ ਅਤੇ ਡਿਜ਼ੀਟਲ ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰੇ ਦੀ ਅਗਵਾਈ ਮੁਖੀ ਸਿੱਖਿਆ ਵਿਭਾਗ ਪੋ. ਹਰਪ੍ਰੀਤ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੋਜ ਅਤੇ ਪੜ੍ਹਨ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਵਿਦਿਆਰਥੀਆਂ ਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਇਸ ਵਿੱਚ 100 ਵਿਦਿਆਰਥੀ ਨੇ ਹਿੱਸਾ ਲਿਆ।