
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖੰਡ ਤੇ ਘਿਓ ਦੀਆਂ ਕੀਮਤਾਂ ’ਚ ਅਚਾਨਕ ਉਛਾਲ ਨੇ ਘਰੇਲੂ ਬਜਟ ਵਿਗਾੜਿਆ :ਮੌੜ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਪਵਿੱਤਰ ਤਿਉਹਾਰ ਰੱਖੜੀ (ਰਕਸ਼ਾ ਬੰਧਨ) ਨੂੰ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਤਿਉਹਾਰੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਖੰਡ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਅਚਾਨਕ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਵਪਾਰੀਆਂ ਅਨੁਸਾਰ ਕਮਰਸ਼ੀਅਲ ਅਤੇ ਘਰੇਲੂ ਦੋਵੇਂ ਤਰ੍ਹਾਂ ਦੇ ਦੇਸੀ ਘਿਓ ਦੇ ਰੇਟ ਵਧਣ ਨਾਲ ਇਸ ਦਾ ਸਿੱਧਾ ਅਸਰ ਆਉਣ ਵਾਲੇ ਦਿਨਾਂ ਵਿੱਚ ਮਠਿਆਈਆਂ ਦੀਆਂ ਕੀਮਤਾਂ ’ਤੇ ਪੈ ਸਕਦਾ ਹੈ।
ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਕੋਆਰਡੀਨੇਟਰ ਅਤੇ ਐੱਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਖੰਡ ਦੀਆਂ ਬੋਰੀਆਂ ਅਤੇ ਘਿਓ ਦੇ ਟੀਨਾਂ ਦੇ ਰੇਟ ਲਗਾਤਾਰ ਵਧ ਰਹੇ ਹਨ। ਇਸ ਤੋਂ ਇਲਾਵਾ ਦੁੱਧ ਅਤੇ ਖੋਏ ਦੀਆਂ ਕੀਮਤਾਂ ਪਹਿਲਾਂ ਹੀ ਕਾਫ਼ੀ ਉੱਚੀਆਂ ਹਨ। ਇਸ ਮਹਿੰਗਾਈ ਦਾ ਬੋਝ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਝੱਲਣਾ ਪੈ ਸਕਦਾ ਹੈ। ਜਦ ਕਿ ਖੰਡ ਦੇ ਰੇਟ ਤਾਂ ਪਹਿਲਾਂ ਹੀ ਅਸਮਾਨ ਨੂੰ ਸੂਹ ਰਹੇ ਹਨ।
ਮੌੜ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਆਮ ਪਰਿਵਾਰਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਸਰਕਾਰ ਦੀਆਂ ਨੀਤੀਆਂ ਕਾਰਗਰ ਸਾਬਤ ਨਹੀਂ ਹੋ ਰਹੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਤੁਰੰਤ ਕਾਬੂ ਪਾਇਆ ਜਾਵੇ, ਤਾਂ ਜੋ ਲੋਕਾਂ ਨੂੰ ਤਿਉਹਾਰਾਂ ਮੌਕੇ ਵਾਧੂ ਆਰਥਿਕ ਬੋਝ ਨਾ ਝੱਲਣਾ ਪਵੇ।