ਮਨੋਜ ਕੁਮਾਰ, ਧੂਰੀ : 'ਸ਼੍ਰੀ ਗੁਰੂ ਨਾਨਕ ਦੇਵ ਇਤਿਹਾਸਕ ਥਰਮਲ ਪਲਾਂਟ ਹੈ ਸ਼ਾਨ, ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ ਜਿੰਦ ਕੁਰਬਾਨ' ਦੀ ਤਖ਼ਤੀ ਫੜ ਕੇ ਬਠਿੰਡਾ ਵਿਖੇ ਕਿਸਾਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੱਥੇ 'ਤੇ ਵੱਡਾ ਕਲੰਕ ਦੱਸਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਨੇ ਕਿਹਾ ਕਿ ਮਿ੍ਤਕ ਕਿਸਾਨ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ 'ਚ ਅਸਹਿਣਯੋਗ ਤਪਦੀ ਗਰਮੀ ਵਿਚ ਮਰਨ ਵਰਤ 'ਤੇ ਬੈਠਾ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ 2017 ਦੀਆਂ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਉਹ ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਨਹੀਂ ਹੋਣ ਦੇਣਗੇ। ਪਰ ਅਫ਼ਸੋਸ ਦੀ ਗੱਲ ਹੈ ਕਿ ਜਿੱਤਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਮਾਰੂ ਨੀਤੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਦੇ ਸਿੱਟੇ ਵਜੋਂ ਥਰਮਲ ਪਲਾਂਟ ਕੈਪਟਨ ਅਮਰਿੰਦਰ ਸਿੰਘ ਦੀ ਮਾਰੂ ਨੀਤੀਆਂ ਦੀ ਭੇਂਟ ਚੜ੍ਹ ਗਿਆ

ਉਨ੍ਹਾਂ ਕਿਹਾ ਕਿ 2005-2014 ਦਰਮਿਆਨ ਬਠਿੰਡਾ ਥਰਮਲ ਪਲਾਂਟਾਂ ਦੇ ਯੂਨਿਟਾਂ ਦੀ ਅੰਤਰ ਰਾਸ਼ਟਰੀ ਪੱਧਰ ਦੀ ਅਪਗ੍ਰੇਡੇਸ਼ਨ ਲਈ 734 ਕਰੋੜ ਰੁਪਏ ਖ਼ਰਚੇ ਗਏ ਸਨਅਰਬਾਂ ਰੁਪਏ ਖ਼ਰਚ ਕੇ 2014 'ਚ ਜੋ ਆਖ਼ਰੀ ਯੂਨਿਟ ਅਪਗ੍ਰੇਡ ਕੀਤਾ ਗਿਆ ਸੀ ਉਸ ਨੂੰ 100 ਘੰਟੇ ਚੱਲਣ ਤੋਂ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ, ਜਦਕਿ ਕੌਮੀ ਬਿਜਲੀ ਅਥਾਰਿਟੀ ਮੁਤਾਬਿਕ ਬਠਿੰਡਾ ਥਰਮਲ ਪਲਾਂਟ ਦੀ ਮਿਆਦ 2030-31 ਤੱਕ ਸੀ। ਉਨ੍ਹਾਂ ਕਿਹਾ ਕਿ ਆਪ ਇਸ ਫ਼ੈਸਲੇ ਦਾ ਸੜਕ ਤੋਂ ਲੈ ਕੇ ਸਦਨ ਤੱਕ ਵਿਰੋਧ ਕਰੇਗੀ।

-----------